ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਯੋਜਨਾ ਅਧੀਨ 141 ਮਰੀਜ਼ਾਂ ਦੇ ਇਲਾਜ ਲਈ 1 ਕਰੋੜ ਰੁਪਏ ਦੀ ਦਿੱਤੀ ਵਿੱਤੀ ਸਹਾਇਤਾ

1 min read

ਪਟਿਆਲਾ, 12 ਜਨਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ ਕੈਂਸਰ ਵਰਗੀ ਨਾ ਮੁਰਾਦ ਬਿਮਾਰੀ ਦੇ ਇਲਾਜ ਲਈ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਸਕੀਮ ਅਧੀਨ ਪਟਿਆਲਾ ਜ਼ਿਲ੍ਹੇ ਦੇ 141 ਕੈਂਸਰ ਦੇ ਮਰੀਜ਼ਾਂ ਨੂੰ ਸਾਲ 2023 ਦੌਰਾਨ 1 ਕਰੋੜ 16 ਲੱਖ 99 ਹਜ਼ਾਰ 791 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਮਰੀਜ਼ ਨੂੰ ਇਲਾਜ ਲਈ 1 ਲੱਖ 50 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰੀ ਪ੍ਰਕਿਰਿਆ ਆਨ-ਲਾਈਨ ਕੀਤੀ ਜਾਂਦੀ ਹੈ ਜੋ ਸਿੱਧੇ ਤੌਰ ‘ਤੇ ਜਿਹੜੇ ਹਸਪਤਾਲ ਤੋਂ ਮਰੀਜ਼ ਇਲਾਜ ਕਰਵਾਉਂਦਾ ਹੈ ਉਸ ਹਸਪਤਾਲ ਨੂੰ ਰਾਸ਼ੀ ਪ੍ਰਦਾਨ ਕੀਤੀ ਜਾਂਦੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਲ 2023 ਦੇ ਅਪ੍ਰੈਲ ਤੋਂ ਦਸੰਬਰ ਮਹੀਨੇ ਤੱਕ ਪਟਿਆਲਾ ਜ਼ਿਲ੍ਹੇ ਦੇ 141 ਮਰੀਜ਼ਾਂ ਨੂੰ ਇਹ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਸਕੀਮ ਅਧੀਨ ਮਰੀਜ਼ਾਂ ਨੂੰ ਇਹ ਸਹਾਇਤਾ ਰਾਸ਼ੀ ਆਨ-ਲਾਈਨ ਤਰੀਕੇ ਨਾਲ ਪੇਪਰ ਲੇਸ ਅਤੇ ਕੈਸ਼ ਲੇਸ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਪਟਿਆਲਾ ਜ਼ਿਲ੍ਹੇ ਦੇ ਵਸਨੀਕ ਮਰੀਜ਼ ਭਾਵੇਂ ਸੂਬੇ ਦੇ ਕਿਸੇ ਵੀ ਜ਼ਿਲ੍ਹੇ ਵਿੱਚੋਂ ਪੰਜਾਬ ਸਰਕਾਰ ਤੋਂ ਇਮਪੈਨਲਡ ਹਸਪਤਾਲ ਤੋਂ ਜੇਕਰ ਇਲਾਜ ਕਰਵਾਉਂਦੇ ਹਨ ਤਾਂ ਉਨ੍ਹਾਂ ਦੇ ਇਲਾਜ ਦਾ 1 ਲੱਖ 50 ਹਜ਼ਾਰ ਤੱਕ ਦਾ ਖਰਚਾ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਸਕੀਮ ਰਾਹੀਂ ਸਿੱਧਾ ਹਸਪਤਾਲ ਨੂੰ ਦਿੱਤਾ ਜਾਂਦਾ ਹੈ।
ਸਾਕਸ਼ੀ ਸਾਹਨੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਹੋਰਨਾਂ ਸਕੀਮਾਂ ਦੀ ਵੀ ਸਮੀਖਿਆ ਕਰਦਿਆਂ ਹਦਾਇਤ ਕੀਤੀ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰੇਕ ਨਾਗਰਿਕ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੇ ਸਮਰੱਥਾ ਨਾਲ ਕੰਮ ਕੀਤਾ ਜਾਵੇ।
ਫੋਟੋ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

You May Also Like

More From Author

+ There are no comments

Add yours