ਪਟਿਆਲਾ, 6 ਅਪ੍ਰੈਲ (ਆਪਣਾ ਪੰਜਾਬ ਡੈਸਕ): ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜਿਲ੍ਹਾ ਪਟਿਆਲਾ ਦੀ ਹੱਦ ਅੰਦਰ ਮਿਊਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ/ਚੌਂਕੀ ਵਿੱਚ ਦਰਜ ਕਰਾਉਣਾ ਯਕੀਨੀ ਬਣਾਏਗਾ।
ਮਨਾਹੀ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਪਟਿਆਲਾ ਚੰਡੀਗੜ੍ਹ ਅਤੇ ਹਰਿਆਣਾ ਦੇ ਨਜ਼ਦੀਕ ਹੋਣ ਕਾਰਨ ਅਤੇ ਇੱਥੇ ਇੰਡਸਟਰੀ ਹੋਣ ਕਰਕੇ ਦੂਜੇ ਰਾਜਾਂ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਬਹੁਤ ਸਾਰੇ ਲੋਕ ਨੌਕਰੀ/ਕੰਮ ਕਾਰ ਵਗੈਰਾ ਕਰਨ ਲਈ ਆਉਂਦੇ ਹਨ। ਇਸ ਤੋਂ ਇਲਾਵਾ ਹੋਰ ਵਿਦਿਅਕ ਅਦਾਰਿਆਂ/ਸੰਸਥਾਵਾਂ ਵਿੱਚ ਪੜ੍ਹਾਈ ਲਈ ਦੂਜੇ ਰਾਜਾਂ ਤੋਂ ਵਿਦਿਆਰਥੀ/ਸਿਖਿਆਰਥੀ, ਵੱਖ-ਵੱਖ ਕਿੱਤਿਆਂ/ਕਾਰੋਬਾਰਾਂ ਨਾਲ ਸਬੰਧਤ ਵਿਅਕਤੀ ਬਤੌਰ ਪੇਇੰਗ ਗੈਸਟ ਅਤੇ ਕਾਲ ਸੈਂਟਰਾਂ ਵਿੱਚ ਸਰਵਿਸ ਕਰ ਰਹੇ ਕਰਮਚਾਰੀ ਵੀ ਕਿਰਾਏ ‘ਤੇ ਰਹਿ ਰਹੇ ਹਨ। ਇਨ੍ਹਾਂ ਵਿੱਚੋਂ ਕਈ ਵਿਅਕਤੀ ਵਾਰਦਾਤਾਂ ਕਰਨ ਤੋਂ ਬਾਅਦ ਵਾਪਿਸ ਚਲੇ ਜਾਂਦੇ ਹਨ ਅਤੇ ਉਨ੍ਹਾਂ ਨੂੰ ਲੱਭਣਾ ਮੁਸ਼ਕਿਲ ਹੋ ਜਾਂਦਾ ਹੈ। ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਕੋਲ ਦਰਜ ਨਹੀਂ ਕਰਵਾਈ ਜਾਂਦੀ ਜਿਸ ਕਰਕੇ ਅਮਨ ਤੇ ਕਾਨੁੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹ ਹੁਕਮ 5 ਜੂਨ 2024 ਤੱਕ ਲਾਗੂ ਰਹਿਣਗੇ।
+ There are no comments
Add yours