ਕਿਸਾਨਾਂ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਲਈ ‘ਉੱਨਤ ਕਿਸਾਨ’ ਮੋਬਾਈਲ ਐਪ ਦੀ ਵਰਤੋਂ ਕਰਨ : ਡਿਪਟੀ ਕਮਿਸ਼ਨਰ

1 min read

ਪਟਿਆਲਾ, 28 ਸਤੰਬਰ:
ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਵਿੱਚ ਹਰ ਸੰਭਵ ਮਦਦ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਹੈ। ਇਸ ਲਈ ਜਿਥੇ ਕਿਸਾਨਾਂ ਨਾਲ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡਾਂ ‘ਚ ਜਾ ਕੇ ਸਿੱਧਾ ਰਾਬਤਾ ਕੀਤਾ ਜਾ ਰਿਹਾ ਹੈ, ਉਥੇ ਹੀ ਆਧੁਨਿਕ ਤਕਨੀਕਾਂ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ। ਜਿਸ ਤਹਿਤ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਉਪਲਬਧ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ‘ਉੱਨਤ ਕਿਸਾਨ’ ਮੋਬਾਇਲ ਐਪ ਬਣਾਈ ਗਈ ਹੈ ਤਾਂ ਜੋ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਆਸਾਨੀ ਨਾਲ ਉਪਲਬਧ ਕਰਵਾਈਆਂ ਜਾ ਸਕਣ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ‘ਉੱਨਤ ਕਿਸਾਨ’ ਐਪ ‘ਤੇ ਜ਼ਿਲ੍ਹੇ ਦੀਆਂ ਸੀ.ਆਰ.ਐਮ. ਮਸ਼ੀਨਾਂ ਨੂੰ ਮੈਪ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੋਬਾਈਲ ਐਪਲੀਕੇਸ਼ਨ ਰਾਹੀਂ ਕਿਸਾਨ ਆਪਣੇ ਆਸ-ਪਾਸ ਉਪਲਬਧ ਮਸ਼ੀਨ ਆਸਾਨੀ ਨਾਲ ਬੁੱਕ ਕਰਵਾ ਸਕਦੇ ਹਨ। ਮਸ਼ੀਨ ਦੀ ਵਰਤੋਂ ਦੀ ਨਿਗਰਾਨੀ ਕਰਨ ਅਤੇ ਕਿਸਾਨਾਂ ਵੱਲੋਂ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਕੀਤੀਆਂ ਗਈਆਂ ਸਾਰੀਆਂ ਗਤੀਵਿਧੀਆਂ ਦਾ ਦਸਤਾਵੇਜ਼ੀਕਰਨ ਕਰਨ ਲਈ ਹਰੇਕ ਮਸ਼ੀਨ ਨੂੰ ਕਾਸ਼ਤਯੋਗ ਜ਼ਮੀਨ ਦੇ ਖੇਤਰ ਅਨੁਸਾਰ ਜੀਓ-ਟੈਗ ਕੀਤਾ ਗਿਆ ਹੈ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮਸ਼ੀਨਾਂ ਦੀ ਬੁਕਿੰਗ ਪ੍ਰਕਿਰਿਆ ਵਿੱਚ ਕਿਸਾਨਾਂ ਦੀ ਸਹਾਇਤਾ ਲਈ ਨੋਡਲ ਅਫ਼ਸਰ ਤੇ ਵਿਲੇਜ਼ ਲੈਵਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨੋਡਲ ਤੇ ਵਿਲੇਜ਼ ਲੈਵਲ ਅਫ਼ਸਰਾਂ ਨੂੰ ਐਪ ਦੀ ਵਰਤੋਂ ਕਰਨ ਸਬੰਧੀ ਜ਼ਿਲ੍ਹਾ ਪੱਧਰ ‘ਤੇ ਟਰੇਨਿੰਗ ਵੀ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਐਪ ਵਿੱਚ ਕਿਸਾਨ, ਮਸ਼ੀਨ ਦਾ ਮਾਲਕ, ਪਿੰਡ ਪੱਧਰ ‘ਤੇ ਲਗਾਇਆ ਨੋਡਲ ਅਫ਼ਸਰ ਤੇ ਬਲਾਕ ਪੱਧਰ ਅਫ਼ਸਰ ਪਹਿਲਾਂ ਹੀ ਰਜਿਸਟਰ ਕੀਤੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਤੋਂ ਵਾਤਾਵਰਨ ਨੂੰ ਬਚਾਉਣ ਦੀ ਅਪੀਲ ਕਰਦਿਆਂ ‘ਉੱਨਤ ਕਿਸਾਨ’ ਮੋਬਾਈਲ ਐਪ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ https://play.google.com/store/apps/details?id=com.app.unnatkisan ਅਤੇ ਐਪਲ ਐਪ ਸਟੋਰ https://apps.apple.com/in/app/unnat-kisan/id6451381977 ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।

You May Also Like

More From Author

+ There are no comments

Add yours