ਪੰਜਾਬ ਵਿੱਚ ਲਾਮਿਸਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਦਾ ਮੁੱਢ ਬੰਨ੍ਹੇਗਾ ਦਿੱਲੀ-ਕੱਟੜਾ ਐਕਸਪ੍ਰੈੱਸਵੇਅ: ਮੁੱਖ ਮੰਤਰੀ

1 min read


ਪ੍ਰਾਜੈਕਟ ਜਲਦੀ ਦੇਸ਼ ਨੂੰ ਸਮਰਪਿਤ ਕਰਨ ਦੀ ਉਮੀਦ ਜਤਾਈ

ਅੰਮ੍ਰਿਤਸਰ, 19 ਅਕਤੂਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਦਿੱਲੀ-ਕੱਟੜਾ ਐਕਸਪ੍ਰੈੱਸਵੇਅ ਸੂਬੇ ਵਿੱਚ ਲਾਮਿਸਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰੇਗਾ।

ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਹਾਜ਼ਰੀ ਵਿੱਚ ਇਸ ਪ੍ਰਾਜੈਕਟ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦਾ ਕੰਮ ਜਲਦੀ ਮੁਕੰਮਲ ਹੋਵੇਗਾ ਅਤੇ ਇਹ ਛੇਤੀ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਪ੍ਰਾਜੈਕਟ ਨੂੰ ਜਲਦੀ ਪੂਰਾ ਕਰਨ ਲਈ ਪਹਿਲਾਂ ਹੀ ਕੌਮੀ ਸ਼ਾਹਰਾਹ ਅਥਾਰਟੀ (ਐਨ.ਐਚ.ਏ.ਆਈ.) ਦਾ ਪੂਰਾ ਸਹਿਯੋਗ ਤੇ ਤਾਲਮੇਲ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਇਸ ਖਿੱਤੇ ਵਿੱਚ ਆਰਥਿਕ ਗਤੀਵਿਧੀ ਨੂੰ ਵੱਡਾ ਹੁਲਾਰਾ ਦੇਣ ਤੋਂ ਇਲਾਵਾ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ।

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਪ੍ਰਾਜੈਕਟ ਸੂਬੇ ਵਿੱਚ ਵਪਾਰ ਤੇ ਵਣਜ ਨੂੰ ਹੁਲਾਰਾ ਦੇਵੇਗਾ, ਜਿਸ ਨਾਲ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣ ਕੇ ਉੱਭਰੇਗਾ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਦੇ ਦਖ਼ਲ ਨਾਲ ਇਸ ਪ੍ਰਾਜੈਕਟ ਉਤੇ ਕੰਮ ਵਿੱਚ ਹੋਰ ਤੇਜ਼ੀ ਆਵੇਗੀ, ਜਿਸ ਨਾਲ ਪੰਜਾਬ ਦੇ ਅਰਥਚਾਰੇ ਨੂੰ ਗਤੀ ਮਿਲੇਗੀ। ਭਗਵੰਤ ਸਿੰਘ ਮਾਨ ਨੇ ਇਹ ਵੀ ਆਖਿਆ ਕਿ ਇਹ ਸ਼ਾਹਰਾਹ ਇਸ ਖਿੱਤੇ ਵਿੱਚ ਆਰਥਿਕ ਗਤੀਵਿਧੀ ਲਈ ਹੁਲਾਰੇ ਦੇ ਨਾਲ-ਨਾਲ ਅਕੀਦਤ ਭੇਟ ਕਰਨ ਲਈ ਮਾਤਾ ਵੈਸ਼ਨੋ ਦੇਵੀ ਧਾਮ ਜਾਣ ਵਾਲੇ ਸ਼ਰਧਾਲੂਆਂ ਨੂੰ ਵੀ ਸਹੂਲਤ ਪ੍ਰਦਾਨ ਕਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ, ਜਿਸ ਲਈ ਅਜਿਹੇ ਹੋਰ ਪ੍ਰਾਜੈਕਟ ਪੰਜਾਬ ਵਿੱਚ ਲਿਆਂਦੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦੇ ਮੁਕੰਮਲ ਹੋਣ ਮਗਰੋਂ ਦਿੱਲੀ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਜਾਣ ਵਾਲੇ ਖ਼ਾਸ ਤੌਰ ਉਤੇ ਮਾਤਾ ਵੈਸ਼ਨੋ ਦੇਵੀ ਧਾਮ ਜਾਣ ਵਾਲੇ ਯਾਤਰੂਆਂ ਦੇ ਸਮੇਂ ਤੇ ਪੈਸੇ ਦੀ ਬੱਚਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ 254 ਕਿਲੋਮੀਟਰ ਲੰਮਾ ਸ਼ਾਹਰਾਹ 11,510 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਹੈ ਅਤੇ ਇਹ ਪੰਜਾਬ ਦੇ ਨੌਂ ਜ਼ਿਲ੍ਹਿਆਂ ਜਲੰਧਰ, ਸੰਗਰੂਰ, ਮਾਲੇਰਕੋਟਲਾ, ਪਟਿਆਲਾ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਤਰਨ-ਤਾਰਨ ਅਤੇ ਗੁਰਦਾਸਪੁਰ ਵਿੱਚੋਂ ਲੰਘੇਗਾ।

You May Also Like

More From Author

+ There are no comments

Add yours