ਕਿਸਾਨਾਂ ਤੇ ਸਾਇੰਸਦਾਨਾਂ ਵਿਚਕਾਰ ਪਰਾਲੀ ਪ੍ਰਬੰਧਨ ਸਬੰਧੀ ਹੋਈ ਚਰਚਾ

1 min read

-ਕੇ.ਵੀ.ਕੇ. ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਸਬੰਧੀ ਜਾਣਕਾਰੀ ਦੇਣ ਲਈ ਲਗਾਇਆ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ
ਪਟਿਆਲਾ, 19 ਅਕਤੂਬਰ
ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਵਿਸ਼ੇ’ਤੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂਇੱਕ ਰੋਜ਼ਾ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵਿਖੇ ਲਗਾਇਆ ਗਿਆ।ਇਸ ਕੈਂਪ ਵਿਚ400 ਦੇ ਕਰੀਬ ਕਿਸਾਨਾਂ ਸਮੇਤ ਬਾਗਬਾਨੀ, ਡੇਅਰੀ ਵਿਕਾਸ, ਮੱਛੀ ਪਾਲਣ, ਖੇਤੀਬਾੜੀ, ਇਫਕੋ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਅਤੇ ਸਕੂਲੀ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਅਗਾਂਹਵਧੂ ਕਿਸਾਨਾਂ ਅਤੇ ਸਰਕਾਰੀ ਅਦਾਰਿਆਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ।
ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਕੇ.ਵੀ.ਕੇ. ਪਟਿਆਲਾ ਦੇ ਇੰਚਾਰਜ ਡਾ. ਗੁਰਉਪਦੇਸ਼ ਕੌਰ ਨੇਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਉੱਤੇ ਮਹੱਤਵ ਦਿੱਤਾ ਅਤੇ ਇਸ ਨਾਲ ਹੋਣ ਵਾਲੇ ਹਾਨੀਕਾਰਕ ਧੂੰਏਂ ਦੇ ਸਿਹਤ ਉੱਤੇ ਹੋਣ ਵਾਲੇ ਮਾੜੇ ਪ੍ਰਭਾਵ ਬਾਰੇ ਚਾਨਣਾ ਪਾਇਆ। ਡਾ. ਰਜਨੀ ਗੋਇਲ, ਸਹਿਯੋਗੀ ਪ੍ਰੋਫੈਸਰ (ਭੋਜਨ ਵਿਗਿਆਨ), ਪੀ.ਏ.ਯੂ., ਲੁਧਿਆਣਾ ਨੇ ਸਬਜ਼ੀਆਂ ਅਤੇ ਫਲਾਂ ਤੋ ਬਣਨ ਵਾਲੇ ਪਦਾਰਥਾਂ ਦੀ ਪ੍ਰੋਸੈਸਿੰਗ ਬਾਰੇ ਜਾਣਕਾਰੀ ਦਿੱਤੀ। ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਬਾਗਬਾਨੀ ਦੀਆਂ ਫ਼ਸਲਾਂ ਵਿਚ ਪਰਾਲੀ ਦੀ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਹਰਦੀਪ ਸਿੰਘ ਸਭਿਖੀ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਪਰਾਲੀ ਪ੍ਰਬੰਧਨ ਵਾਲੇ ਖੇਤਾਂ ਵਿਚ ਕੀੜਿਆਂ ਅਤੇ ਬਿਮਾਰੀਆਂ ਦੀ ਸਰਵਪੱਖੀ ਰੋਕਥਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਡਾ. ਗੁਰਨਾਜ਼ ਸਿੰਘ ਗਿੱਲ, ਸਹਾਇਕ ਪ੍ਰੋਫੈਸਰ (ਪ੍ਰੋਸੈਸਿੰਗ ਅਤੇ ਭੋਜਨ ਇੰਜੀਨੀਅਰਿੰਗ) ਨੇ ਸਾਰੇ ਪ੍ਰੋਗਰਾਮ ਦਾ ਸੰਚਾਲਨ ਕੀਤਾ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਸੁਚੱਜੇ ਢੰਗ ਨਾਲ ਸਾਂਭਣ ਵਾਲੀ ਖੇਤੀ ਮਸ਼ੀਨਰੀ ਜਿਵੇਂ ਕਿ ਹੈਪੀ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਸੁਪਰ ਸੀਡਰ ਅਤੇ ਹੋਰ ਮਸ਼ੀਨਰੀ ਬਾਰੇ ਤਕਨੀਕੀ ਜਾਣਕਾਰੀ ਦਿੱਤੀ।ਡਾ. ਗੁਰਪ੍ਰੀਤ ਸਿੰਘ, ਮਿੱਟੀ ਵਿਗਿਆਨੀ, ਫਾਰਮ ਸਲਾਹਕਾਰ ਸੇਵਾ ਕੇਂਦਰ, ਪਟਿਆਲਾ ਨੇ ਪਰਾਲੀ ਦੀ ਸੰਭਾਲ ਨਾਲ ਮਿੱਟੀ ਦੀ ਗੁਣਵੱਤਾ ਵਧਣ ਬਾਰੇ ਜਾਣਕਾਰੀ ਦਿੱਤੀ
ਇਸ ਮੌਕੇ ਸ. ਕਰਮਜੀਤ ਸਿੰਘ, ਡਿਪਟੀ ਡਾਇਰੈਕਟਰ, ਮੱਛੀ ਪਾਲਣ ਵਿਭਾਗ, ਪਟਿਆਲਾ ਨੇ ਆਪਣੇ ਅਦਾਰੇ ਦੀ ਸਕੀਮਾਂ ਨਾਲ ਜਾਣੂ ਕਰਵਾਇਆ।ਸਕੂਲੀ ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਉੱਤੇ ਕਵੀਸ਼ਰੀ ਗਾਇਣ ਕੀਤੀ ਅਤੇ ਨੁੱਕੜ ਨਾਟਕ ਵੀ ਕਰਵਾਇਆ ਗਿਆ। ਇਸ ਬਾਬਤ ਕਿਸਾਨਾਂ ਅਤੇ ਸਾਇੰਸਦਾਨਾਂ ਵਿਚ ਪਰਾਲੀ ਦੀਆਂ ਤਕਨੀਕਾਂ ਬਾਰੇ ਵਿਚਾਰ-ਵਟਾਂਦਰਾ ਹੋਇਆ।
ਇਸ ਮੌਕੇ ਕੇ.ਵੀ.ਕੇ ਪਟਿਆਲਾ ਤੋਂ ਸਿੱਖਿਅਤ ਕਿਸਾਨ ਵੀਰਾਂ ਅਤੇ ਬੀਬੀਆਂ ਵੱਲੋਂ ਆਪਣੇ ਉਤਪਾਦਾਂ ਦੀ ਦਿਲ ਖਿਚਵੀਂ ਪ੍ਰਦਰਸ਼ਨੀ ਵੀ ਲਗਾਈ ਗਈ। ਅਗਾਂਹਵਧੂ ਕਿਸਾਨਾਂ ਦਾ ਹੌਸਲਾ ਵਧਾਉਣ ਲਈ ਉਹਨਾਂ ਦਾ ਸਨਮਾਨ ਵੀ ਕੀਤਾ ਗਿਆ। ਸਮਾਗਮ ਦੇ ਅਖੀਰ ਵਿਚ ਡਾ. ਗੁਰਨਾਜ਼ ਸਿੰਘ ਗਿੱਲ ਨੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ।

You May Also Like

More From Author

+ There are no comments

Add yours