ਸੀਨੀਅਰ ਆਈ.ਏ.ਐਸ. ਅਧਿਕਾਰੀ ਦਲਜੀਤ ਸਿੰਘ ਮਾਂਗਟ ਨੇ ਪਟਿਆਲਾ ਦੇ ਡਵੀਜਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

1 min read
ਝੋਨੇ ਦੀ ਚੱਲ ਰਹੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲਿਆ, ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ
ਪਟਿਆਲਾ, 18 ਅਕਤੂਬਰ:
2005 ਬੈਚ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਦਲਜੀਤ ਸਿੰਘ ਮਾਂਗਟ ਨੇ ਅੱਜ ਪਟਿਆਲਾ ਡਵੀਜਨ ਦੇ ਡਵੀਜ਼ਨਲ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਡੀ.ਐਸ. ਮਾਂਗਟ, ਇਸ ਤੋਂ ਪਹਿਲਾਂ ਕਮਿਸ਼ਨਰ ਫ਼ਿਰੋਜ਼ਪੁਰ ਮੰਡਲ ਅਤੇ ਸਕੱਤਰ ਲੋਕਪਾਲ ਵਜੋਂ ਸੇਵਾਵਾਂ ਨਿਭਾਅ ਰਹੇ ਸਨ।
ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਨ੍ਹਾਂ ਦੀ ਆਮਦ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਪੀ. ਸਿਟੀ ਮੁਹੰਮਦ ਸਰਫ਼ਰਾਜ ਆਲਮ ਨੇ ਸਵਾਗਤ ਕੀਤਾ। ਇਸ ਮੌਕੇ ਪੁਲਿਸ ਦੀ ਟੁਕੜੀ ਨੇ ਗਾਰਡ ਆਫ਼ ਆਨਰ ਵਜੋਂ ਦਲਜੀਤ ਸਿੰਘ ਮਾਂਗਟ ਨੂੰ ਸਲਾਮੀ ਦਿੱਤੀ।
ਅਹੁਦਾ ਸੰਭਾਲਣ ਮਗਰੋਂ ਦਲਜੀਤ ਸਿੰਘ ਮਾਂਗਟ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਬਿਹਤਰ ਤੇ ਪਾਰਦਰਸ਼ੀ ਪ੍ਰਸ਼ਾਸਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਸਮੇਂ ਸਿਰ ਪ੍ਰਦਾਨ ਕਰਵਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੋਵੇਗੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨਾਲ ਸੰਖੇਪ ਮੀਟਿੰਗ ਕਰਕੇ ਜ਼ਿਲ੍ਹੇ ਬਾਰੇ ਜਾਣਕਾਰੀ ਲੈਂਦਿਆਂ ਸਮੂਹ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਸਰਕਾਰ ਦੀਆਂ ਨੀਤੀਆਂ ਤੇ ਪ੍ਰੋਗਰਾਮ ਬਿਹਤਰ ਢੰਗ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ।
ਡਵੀਜਨਲ ਕਮਿਸ਼ਨਰ ਨੇ ਝੋਨੇ ਦੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਵੀ ਲਿਆ ਅਤੇ ਆਦੇਸ਼ ਦਿੱਤੇ ਕਿ ਕਿਸਾਨਾਂ ਦੀ ਮੰਡੀਆਂ ਵਿੱਚ ਵਿਕਣ ਲਈ ਆਈ ਫ਼ਸਲ ਦੀ ਤੁਰੰਤ ਖਰੀਦ ਤੇ ਅਦਾਇਗੀ ਕਰਕੇ ਲਿਫਟਿੰਗ ਵੀ ਨਾਲੋ-ਨਾਲ ਯਕੀਨੀ ਬਣਾਈ ਜਾਵੇ। ਦਲਜੀਤ ਸਿੰਘ ਮਾਂਗਟ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਾਤਾਵਰਣ ਸਾਫ਼ ਰੱਖਣ ਤੇ ਜਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ, ਬਲਕਿ ਪਰਾਲੀ ਦਾ ਆਧੁਨਿਕ ਮਸ਼ੀਨਾਂ ਨਾਲ ਪ੍ਰਬੰਧਨ ਕਰਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਗਜੀਤ ਸਿੰਘ, ਐਸ.ਡੀ.ਐਮ ਡਾ. ਇਸਮਤ ਵਿਜੇ ਸਿੰਘ, ਸਹਾਇਕ ਕਮਿਸ਼ਨਰ (ਜ) ਮਨਪ੍ਰੀਤ ਕੌਰ, ਡੀ. ਐਸ.ਪੀ. ਜਸਵਿੰਦਰ ਸਿੰਘ ਟਿਵਾਣਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

You May Also Like

More From Author

+ There are no comments

Add yours