ਡਿਪਟੀ ਕਮਿਸ਼ਨਰ ਵੱਲੋਂ ਖਰੀਦ ਏਜੰਸੀਆਂ ਨੂੰ ਲਿਫ਼ਟਿੰਗ ਵੀ ਤੇਜ਼ ਕਰਨ ਦੀ ਹਦਾਇਤ
-ਪਰਾਲੀ ਨੂੰ ਖੇਤਾਂ ਵਿੱਚ ਵਾਹੁਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਹੁੰਦਾ ਹੈ ਵਾਧਾ ਸਾਕਸ਼ੀ ਸਾਹਨੀ
-ਕਿਸਾਨ ਮਸ਼ੀਨਰੀ ਦੀ ਉਪਲਬੱਧਤਾ ਸਬੰਧੀ ਜਾਣਕਾਰੀ ਲੈਣ ਲਈ ਵਟਸ ਐਪ ਚੈਟ ਬੋਟ ਨੰ: 73800-16070 ਰਾਹੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਕਰਨ
ਪਟਿਆਲਾ, 21 ਅਕਤੂਬਰ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਡੀਆਂ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਖਰੀਦ ਏਜੰਸੀਆਂ ਨਾਲ ਮੀਟਿੰਗ ਕਰਕੇ ਹੁਣ ਤੱਕ ਕੀਤੀ ਝੋਨੇ ਦੀ ਖਰੀਦ ਸਬੰਧੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਖਰੀਦ ਏਜੰਸੀਆਂ ਨੂੰ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇਜ਼ ਹੈ ਤੇ ਖਰੀਦੇ ਝੋਨੇ ਦੀ ਲਿਫ਼ਟਿੰਗ ਵਿੱਚ ਵੀ ਤੇਜ਼ੀ ਲਿਆਉਣ ਨੂੰ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਐਸ.ਡੀ.ਐਮਜ਼ ਨੂੰ ਖੁਦ ਮੰਡੀਆਂ ਵਿੱਚ ਜਾ ਕੇ ਪ੍ਰਬੰਧਾਂ ਦੀ ਨਜ਼ਰਸਾਨੀ ਕਰਨ ਲਈ ਵੀ ਕਿਹਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 109 ਖਰੀਦ ਕੇਂਦਰਾਂ ਵਿਚੋਂ ਪਿਛਲੇ ਦਿਨ ਤੱਕ 4 ਲੱਖ 09 ਹਜ਼ਾਰ 212 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ 4 ਲੱਖ 02 ਹਜ਼ਾਰ 079 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 179573 ਮੀਟਰਿਕ ਟਨ, ਮਾਰਕਫੈਡ ਵੱਲੋਂ 89191 ਮੀਟਰਿਕ ਟਨ, ਪਨਸਪ ਵੱਲੋਂ 79787 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 53528 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਅਜਿਹਾ ਕਰਨਾ ਜਿਥੇ ਗੈਰ ਕਾਨੂੰਨੀ ਹੈ ਉਥੇ ਹੀ ਇਸ ਦਾ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਨੂੰ ਹੀ ਝੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਧਰਤੀ ਵਿਚਲੇ ਫਸਲਾਂ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਦਿੱਤੀ ਜਾਂਦੀ ਆਧੁਨਿਕ ਖੇਤੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਉਠਾਉਣ ਤੇ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ। ਉਨ੍ਹਾਂ ਕਿਹਾ ਕਿ ਕਿਸਾਨਾਂ ਖੇਤੀ ਮਸ਼ੀਨਰੀ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਅਤੇ ਉਪਲਬੱਧ ਮਸ਼ੀਨਰੀ ਪਤਾ ਕਰਨ ਲਈ ਵਟਸ ਐਪ ਚੈਟ ਬੋਟ ਨੰਬਰ 73800-16070 ‘ਤੇ ਕਿਸਾਨ ਮੈਸੇਜ ਕਰਕੇ ਵੀ ਜਾਣਕਾਰੀ ਲੈ ਸਕਦੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਿੱਧਾ ਰਾਬਤਾ ਕਰਨ ਸਕਦੇ ਹਨ।
+ There are no comments
Add yours