ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸੂਬੇ ਵਿੱਚ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਸੁਹਿਰਦਤਾ ਨਾਲ ਕੰਮ ਕਰਨ ਦਾ ਸੱਦਾ

1 min read

ਪੰਜਾਬ ਦੀ ਜਰਖੇਜ਼ ਧਰਤੀ ‘ਤੇ ਕੁਝ ਵੀ ਉੱਗ ਸਕਦਾ ਪਰ ਨਫ਼ਰਤ ਦਾ ਬੀਜ ਨਹੀਂ ਫੁੱਟੇਗਾ

ਲੁਧਿਆਣਾ, 24 ਅਕਤੂਬਰ-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨੂੰ ਸੂਬੇ ਵਿੱਚ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਲਈ ਸੁਹਿਰਦ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।

ਅੱਜ ਇੱਥੇ ਸ੍ਰੀ ਰਾਧਾ ਗੋਪੀਨਾਥ ਮੰਦਰ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਮੌਕਾ ਹੈ ਕਿਉਂਕਿ ਇਹ ਨਵਾਂ ਬਣਿਆ ਮੰਦਰ ਲੋਕਾਂ ਨੂੰ ਮਨੁੱਖਤਾ ਦੀ ਨਿਸ਼ਕਾਮ ਸੇਵਾ ਲਈ ਪ੍ਰੇਰਨਾ ਦੇਣ ਵਾਸਤੇ ਸਮਰਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਹਰ ਵਿਅਕਤੀ ਨੂੰ ਆਪਣੇ ਆਪ ਨੂੰ ਲੋਕ ਭਲਾਈ ਲਈ ਸਮਰਪਿਤ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦੀ ਇਹ ਇਕੱਤਰਤਾ ਲੋਕਾਂ ਦੀ ਭਲਾਈ ਦੇ ਉਦੇਸ਼ ਨਾਲ ਨਾਲ ਹਾਜ਼ਰ ਹੋਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਮਾਜਿਕ ਸਾਂਝ ਏਨੀ ਮਜ਼ਬੂਤ ਹੈ ਕਿ ਪੰਜਾਬ ਦੀ ਉਪਜਾਊ ਧਰਤੀ ’ਤੇ ਕੋਈ ਵੀ ਬੀਜ ਉੱਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਿਸੇ ਵੀ ਕੀਮਤ ’ਤੇ ਨਹੀਂ ਫੁੱਟੇਗਾ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ-ਪੈਗੰਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਮਾਰਗ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਪ੍ਰੇਮ-ਪਿਆਰ ਅਤੇ ਸਦਭਾਵਨਾ ਦੀਆਂ ਤੰਦਾਂ ਨੂੰ ਮਜ਼ਬੂਤ ਕਰਕੇ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਦਾ ਵਿਰੋਧ ਕੀਤਾ ਹੈ।

ਸਮਾਜ ਵਿੱਚ ਅਧਿਆਤਮਿਕ ਗਿਆਨ ਦੇ ਪਾਸਾਰ ਲਈ ਇਸਕੋਨ ਸੁਸਾਇਟੀ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਏਕਤਾ, ਸ਼ਾਂਤੀ ਅਤੇ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ਉਤੇ ਪਹਿਰਾ ਦੇਣ ਅਤੇ ਜੀਵਨ ਦੇ ਅਸੰਤੁਲਨ ਨੂੰ ਰੋਕਣ ਲਈ ਅਧਿਆਤਮਕ ਤਕਨੀਕਾਂ ਨੂੰ ਅਪਣਾਉਣ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਖਾਸ ਕਰਕੇ ਪੰਜਾਬ ਮੇਲਿਆਂ ਅਤੇ ਤਿਉਹਾਰਾਂ ਦੀ ਧਰਤੀ ਹੈ ਜੋ ਕਿ ‘ਅਨੇਕਤਾ ’ਚ ਏਕਤਾ’ ਦੇ ਗੁਣਾਂ ਦੇ ਨਾਲ-ਨਾਲ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਸ਼ਾਨਦਾਰ ਵਿਰਸੇ ਨੂੰ ਮੂਰਤੀਮਾਨ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉਠ ਕੇ ਲੋਕਾਂ ਵਿੱਚ ਪਿਆਰ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦੇਣ ਦਾ ਸੱਦਾ ਦਿੱਤਾ।

ਦੁਸਹਿਰੇ ਦੇ ਤਿਉਹਾਰ ‘ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਸ ਤਿਉਹਾਰ ਦੇ ਸੰਦੇਸ਼ ਦੀ ਭਾਵਨਾ ਨਾਲ ਸਮਾਜਿਕ ਬੁਰਾਈਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਤਿਉਹਾਰ ਬਦੀ ਉਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ, ਜੋ ਕਿ ਭਾਰਤੀ ਕਦਰਾਂ-ਕੀਮਤਾਂ ਅਤੇ ਭਾਵਨਾਵਾਂ ਦਾ ਮੂਲ ਕੇਂਦਰ ਹੈ। ਉਨ੍ਹਾਂ ਕਿਹਾ ਕਿ ਇਸ ਤਿਉਹਾਰ ਦੇ ਮੱਦੇਨਜ਼ਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਨਸ਼ਿਆਂ ਆਦਿ ਵਰਗੀਆਂ ਬੁਰਾਈਆਂ ਦਾ ਸਫਾਇਆ ਕਰਨ ਲਈ ਪੰਜਾਬ ਸਰਕਾਰ ਆਪਣਾ ਫਰਜ਼ ਸਮਝਦੀ ਹੈ।

You May Also Like

More From Author

+ There are no comments

Add yours