-ਡਿਪਟੀ ਕਮਿਸ਼ਨਰ ਵੱਲੋਂ ਨਾੜ ਨੂੰ ਅੱਗ ਲਾਉਣ ਦੇ ਮਾਮਲਿਆਂ ਦਾ ਜਾਇਜ਼ਾ
-ਪਰਾਲੀ ਨੂੰ ਅੱਗ ਲਗਾਉਣ ਵਾਲੇ ਸੰਭਾਵਤ ਖੇਤਾਂ ‘ਚ ਪੁੱਜਣਗੀਆਂ ਟੀਮਾਂ
ਪਟਿਆਲਾ, 27 ਅਕਤੂਬਰ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਨੂੰ ਰੋਕਣ ਲਈ ਅੱਗ ਲੱਗਣ ਵਾਲੇ ਸੰਭਾਵਤ ਖੇਤਾਂ ਅਤੇ ਅੱਗ ਲਾਉਣ ਦੀ ਤਰਕੀਬ ਬਣਾ ਰਹੇ ਕਿਸਾਨਾਂ ਤੱਕ ਪਹੁੰਚ ਬਣਾ ਕੇ ਉਨ੍ਹਾਂ ਨੂੰ ਪਰਾਲੀ ਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਵਰਜਿਆ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲੱਗਣ ਦੇ ਮਾਮਲਿਆਂ ਦਾ ਜਾਇਜ਼ਾ ਲੈਂਦਿਆਂ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਦਿਨ ਤੋਂ ਡਰੋਨ ਵਰਤਣਾ ਸ਼ੁਰੂ ਕਰਨ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ, ਤੇ ਇਸ ਨਾਲ ਅੱਗ ਲੱਗਣ ਦੇ ਹਾਟ ਸਪੌਟ ਇਲਾਕਿਆਂ ਵਿੱਚ ਅੱਗ ਲੱਗਣ ਦਾ ਤੁਰੰਤ ਪਤਾ ਲੱਗ ਜਾਂਦਾ ਹੈ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਇਸ ਉਪਰ ਤੁਰੰਤ ਕਾਰਵਾਈ ਕਰਦਿਆਂ ਉਸ ਅੱਗ ਨੂੰ ਬੁਝਾਅ ਕੇ ਕਿਸਾਨਾਂ ਦੀ ਕਾਉਂਸਲਿੰਗ ਕੀਤੀ ਜਾਂਦੀ ਹੈ। ਉਨ੍ਹਾਂ ਨੇ ਪਾਤੜਾਂ ਦੇ ਡਰੌਲੀ ਤੇ ਸੀਲ ਨੇੜੇ ਅੱਜ ਅੱਗ ਲੱਗਣ ਦੀਆਂ ਘਟਨਾਵਾਂ ਡਰੋਨ ਰਾਹੀਂ ਫੜੇ ਜਾਣ ਦੀ ਉਦਾਹਰਣ ਦਿੰਦਿਆਂ ਦੱਸਿਆ ਕਿ ਪ੍ਰਸ਼ਾਸਨ ਕਿਸੇ ਵੀ ਕਿਸਾਨ ਨੂੰ ਆਪਣੇ ਖੇਤਾਂ ਵਿੱਚ ਅੱਗ ਲਾਉਣ ਦੀ ਇਜ਼ਾਜਤ ਨਹੀਂ ਦੇਵੇਗਾ।
ਸਾਕਸ਼ੀ ਸਾਹਨੀ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਵੱਲੋਂ ਕਿਸਾਨਾਂ ਨੂੰ ਕਣਕ ਦੀ ਬਿਜਾਈ ਸੁਪਰ ਸੀਡਰ, ਹੈਪੀ ਸੀਡਰ ਤੇ ਸਰਫੇਸ ਸੀਡਰ ਮੁਹੱਈਆ ਕਰਵਾਏ ਜਾ ਰਹੇ ਹਨ, ਇਸ ਲਈ ਕਿਸਾਨ ਵੀਰ ਪਰਾਲੀ ਨੂੰ ਸਾੜਨਾ ਬੰਦ ਕਰਨ। ਉਨ੍ਹਾਂ ਕਿਸਾਨਾਂ ਨੂੰ ਵਟਸਐਪਚੈਟਬੋਟ ਨੰਬਰ 7380016070 ਦਾ ਪੂਰਾ ਲਾਭ ਲੈਣ ਦੀ ਵੀ ਅਪੀਲ ਕੀਤੀ, ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਝੋਨੇ ਦੇ ਨਾੜ ਤੇ ਫ਼ਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ।
+ There are no comments
Add yours