-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਤੇ ਹੋਰ ਗਤੀਵਿਧੀਆਂ ਨਾਲ ਜੋੜਨ ‘ਤੇ ਜੋਰ
-ਮੁੱਖ ਮੰਤਰੀ ਦੇ ਆਦੇਸ਼ਾਂ ‘ਤੇ ਪਟਿਆਲਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਸਾਂਝਾ ਹੰਭਲਾ
-ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ ਕੀਤਾ ਜਾਵੇਗਾ-ਸਾਕਸ਼ੀ ਸਾਹਨੀ
ਪਟਿਆਲਾ, 27 ਅਕਤੂਬਰ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਜ਼ਿਲ੍ਹੇ ਅੰਦਰ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤਹਿਤ ਪਟਿਆਲਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਸਿਵਲ ਪ੍ਰਸ਼ਾਸਨ ਤੇ ਪੁਲਿਸ ਦੀ ਸਾਂਝੀ ਵਿਉਂਤਬੰਦੀ ਦਾ ਜਾਇਜ਼ਾ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜ਼ਿਲ੍ਹੇ ਵਿੱਚ ਖੇਡਾਂ ਤੇ ਖੇਡ ਮੈਦਾਨਾਂ ਵੱਲ ਹੋਰ ਧਿਆਨ ਦੇਣ ਦੇ ਨਾਲ-ਨਾਲ ਨੌਜਵਾਨਾਂ ਨੂੰ ਹੋਰ ਵਾਧੂ ਗਤੀਵਿੱਧੀਆਂ ਨਾਲ ਵੀ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਕਾਲਜਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਤਾ ਪ੍ਰੋਗਰਾਮ ਕੀਤੇ ਜਾਣਗੇ ਤੇ ਨਾਲ ਹੀ ਇਸ ਮੁਹਿੰਮ ਨੂੰ ਸਕੂਲ ਪੱਧਰ ‘ਤੇ ਵੀ ਲਿਜਾਇਆ ਜਾਵੇਗਾ।
ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਨਸ਼ਿਆਂ ਦੇ ਕਾਲੇ ਧੰਦੇ ‘ਚ ਲੱਗੇ ਲੋਕਾਂ ਦੇ ਪੁਨਰਵਸੇਬਾ ਦੀ ਤਜਵੀਜ਼ ਤਹਿਤ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ‘ਚ ਨਸ਼ਿਆਂ ਵਿਰੁੱਧ ਵਿੱਢੀ ਵਿਆਪਕ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਤੋਂ ਬਿਨ੍ਹਾਂ ਨਸ਼ਿਆਂ ਦੇ ਹਾਟ-ਸਪਾਟ ਵਜੋਂ ਪਛਾਣੇ ਪਿੰਡਾਂ ਤੇ ਹੋਰਨਾਂ ਇਲਾਕਿਆਂ, ਵਿਚ ਵੀ ਨਸ਼ਿਆਂ ਦੀ ਵਿਕਰੀ ਬੰਦ ਕਰਨ ਲਈ ਸਿੱਟਾ ਮੁਖੀ ਕਾਰਵਾਈ ਯਕੀਨੀ ਬਣਾਈ ਜਾਵੇਗੀ ਅਤੇ ਇੱਥੇ ਦੇ ਨੌਜਵਾਨਾਂ ਤੇ ਬੱਚਿਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵੀ ਵੱਡੇ ਪੱਧਰ ‘ਤੇ ਯਤਨ ਅਰੰਭੇ ਜਾਣਗੇ।
ਪਟਿਆਲਾ ਪੁਲਿਸ ਵੱਲੋਂ ਐਸ.ਐਸ.ਪੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਲਈ ਵਿੱਢੀ ਜੰਗ ਦੀ ਸ਼ਲਾਘਾ ਕਰਦਿਆਂ ਸਾਕਸ਼ੀ ਸਾਹਨੀ ਨੇ ਦੱਸਿਆ ਕਿ 18 ਮਾਮਲਿਆਂ ਵਿੱਚ ਨਸ਼ਾ ਤਸਕਰਾਂ ਦੀ 6 ਕਰੋੜ 65.94 ਲੱਖ ਰੁਪਏ ਦੀ ਜਾਇਦਾਦ ਜਬਤ ਕਰਨ ਦੀ ਸ਼ੁਰੂ ਕੀਤੀ ਕਾਰਵਾਈ ਤਹਿਤ 13 ਨਸ਼ਾ ਤਸਕਰਾਂ ਦੀ ਜਾਇਦਾਦ ਜਬਤ ਕਰ ਲਈ ਗਈ ਹੈ ਤੇ 4 ਵਿੱਚ ਕਾਰਵਾਈ ਅੰਤਮ ਪੜਾ ‘ਤੇ ਹੈ। ਇਸ ਤੋਂ ਬਿਨ੍ਹਾਂ ਜ਼ਿਲ੍ਹਾ ਪੁਲਿਸ ਨੇ ਜ਼ਿਲ੍ਹੇ ਦੇ ਪਿੰਡਾਂ ‘ਚ 1181 ਮੀਟਿੰਗਾਂ ਤੇ 121 ਸੈਮੀਨਾਰ ਕਰਨ ਸਮੇਤ ਤਲਾਸ਼ੀ ਮੁਹਿੰਮ ਕਾਸੋ ਤਹਿਤ 117 ਕਾਰਵਾਈਆਂ ਅਮਲ ‘ਚ ਲਿਆਂਦੀਆਂ ਹਨ। ਜਦਕਿ ਐਨ.ਡੀ.ਪੀ.ਐਸ. ਐਕਟ ਤਹਿਤ ਸਜਾ ਅਮਲ ਦੀ ਦਰ 85.44 ਫੀਸਦੀ ਹੈ। ਇਸ ਮਹੀਨੇ ‘ਚ 35 ਕੇਸ ਦਰਜ ਕਰਕੇ 35 ਜਣਿਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ ਤੇ ਨਸ਼ਿਆਂ ਦੀ ਵੱਡੀ ਮਾਤਰਾ ਵਿੱਚ ਬਰਾਮਦਗੀ ਕੀਤੀ ਗਈ ਹੈ।
ਸਾਕਸ਼ੀ ਸਾਹਨੀ ਨੇ ਨਸ਼ਿਆਂ ਦੀ ਲਤ ਦੇ ਸ਼ਿਕਾਰ ਲੋਕਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਪਟਿਆਲਾ ਦੇ ਸਾਕੇਤ ਹਸਪਤਾਲ ਵਿਖੇ 24 ਘੰਟੇ ਕਾਰਜਸ਼ੀਲ ‘ਸਹਿਯੋਗੀ ਹੈਲਪਲਾਈਨ 0175-2213385’ ਨਾਲ ਸੰਪਰਕ ਕਰਕੇ ਆਪਣੀ ਮਾਨਸਿਕ ਸਿਹਤ ਨੂੰ ਤੰਦਰੁਸਤ ਕਰਨ ਸਮੇਤ ਇਲਾਜ ਨਾਲ ਸਬੰਧਤ ਸਲਾਹ ਮਸ਼ਵਰਾ ਕਰ ਸਕਦੇ ਹਨ। ਮੀਟਿੰਗ ‘ਚ ਐਸ.ਡੀ.ਐਮਜ਼ ਚਰਨਜੀਤ ਸਿੰਘ, ਤਰਸੇਮ ਚੰਦ, ਕਿਰਪਾਲਵੀਰ ਸਿੰਘ, ਨਵਦੀਪ ਕੁਮਾਰ ਤੇ ਪਰਲੀਨ ਕੌਰ ਬਰਾੜ, ਜ਼ਿਲ੍ਹਾ ਅਟਾਰਨੀ ਦਵਿੰਦਰ ਗੋਇਲ, ਐਸ.ਪੀ. ਸੌਰਵ ਜਿੰਦਲ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਇੰਸਪੈਕਟਰ ਜੈਇੰਦਰ ਸਿੰਘ ਰੰਧਾਵਾ, ਪਰਮਿੰਦਰ ਕੌਰ ਮਨਚੰਦਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ।
+ There are no comments
Add yours