ਪੀੜਤ ਪਰਿਵਾਰ ਨੂੰ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਅਤੇ ਇਕ ਕਰੋੜ ਰੁਪਏ ਬੀਮਾ ਰਾਸ਼ੀ ਵਜੋਂ ਦੇਣ ਦਾ ਐਲਾਨ
ਚੰਡੀਗੜ੍ਹ, 23 ਨਵੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੋਮਗਾਰਡ ਦੇ ਜਵਾਨ ਜਸਪਾਲ ਸਿੰਘ ਦੀ ਮੌਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨ੍ਹਾਂ ਦੀ ਡਿਊਟੀ ਨਿਭਾਉਂਦੇ ਸਮੇਂ ਜਾਨ ਚਲੀ ਗਈ। ਮੁੱਖ ਮੰਤਰੀ ਨੇ ਜਸਪਾਲ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਦੋ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜਸਪਾਲ ਸਿੰਘ ਦੀ ਸੁਲਤਾਨਪੁਰ ਲੋਧੀ ਵਿਖੇ ਆਪਣੀ ਡਿਊਟੀ ਨਿਭਾਉਂਦੇ ਸਮੇਂ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਦੋ ਕਰੋੜ ਦੀ ਰਾਸ਼ੀ ਵਿੱਚੋਂ ਸੂਬਾ ਸਰਕਾਰ ਵੱਲੋਂ ਇਕ ਕਰੋੜ ਰਪਏ ਐਕਸ-ਗ੍ਰੇਸ਼ੀਆ ਵਜੋਂ ਜਦਕਿ ਇਕ ਕਰੋੜ ਰੁਪਏ ਐਚ.ਡੀ.ਐਫ.ਸੀ. ਵੱਲੋਂ ਬੀਮਾ ਰਾਸ਼ੀ ਵਜੋਂ ਦਿੱਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਇਸ ਸਪੂਤ ਦੇ ਮਹਾਨ ਯੋਗਦਾਨ ਦੇ ਸਤਿਕਾਰ ਵਿੱਚ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਥਿਆਰਬੰਦ ਸੈਨਾਵਾਂ, ਨੀਮ ਫੌਜੀ ਬਲਾਂ ਅਤੇ ਪੁਲਿਸ ਦੀ ਭਲਾਈ ਲਈ ਵਚਨਬੱਧ ਹੈ ਜਿਸ ਦੇ ਤਹਿਤ ਜਸਪਾਲ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਿਮਾਣੇ ਜਿਹੇ ਉਪਰਾਲੇ ਨਾਲ ਜਿੱਥੇ ਪੀੜਤ ਪਰਿਵਾਰ ਨੂੰ ਮਦਦ ਮਿਲੇਗੀ, ਉਥੇ ਹੀ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਇਆ ਜਾ ਸਕੇਗਾ।
+ There are no comments
Add yours