-ਮੈਡੀਕਲ ਕੈਂਪਾਂ ’ਚ 412 ਕੈਦੀਆਂ ਦੀ ਕੀਤੀ ਸਿਹਤ ਜਾਂਚ
ਪਟਿਆਲਾ, 5 ਦਸੰਬਰ:
ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਯੋਗ ਅਗਵਾਈ ਹੇਠ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨੀ ਅਰੋੜਾ ਦੀ ਦੇਖ-ਰੇਖ ਹੇਠ, ਕੇਂਦਰੀ ਜੇਲ੍ਹ, ਪਟਿਆਲਾ ਅਤੇ ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਅੱਜ ਸਿਹਤ ਵਿਭਾਗ ਅਤੇ ਜੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਲਗਾਇਆ ਗਿਆ। ਇਨ੍ਹਾਂ ਮੈਡੀਕਲ ਕੈਂਪਾਂ ਵਿੱਚ ਸੈਂਟਰਲ ਜੇਲ੍ਹ ਪਟਿਆਲਾ 412 ਕੈਦੀਆਂ ਅਤੇ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਵਿੱਚ 156 ਕੈਦੀਆਂ ਦਾ ਮਾਹਿਰ ਡਾਕਟਰਾਂ ਵੱਲੋਂ ਡਾਕਟਰੀ ਮੁਆਇਨਾ ਕੀਤਾ ਗਿਆ। ਉਨ੍ਹਾਂ ਨੂੰ ਲੋੜੀਂਦੀਆਂ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨੀ ਅਰੋੜਾ ਨੇ ਜੇਲ੍ਹ ਵਿੱਚ ਬੰਦ ਕੈਦੀਆਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਬਾਰੇ ਗੱਲਬਾਤ ਕੀਤੀ। ਜੇਲ੍ਹ ਸੁਪਰਡੈਂਟ, ਜੇਲ੍ਹਾਂ ਦੇ ਹੋਰ ਅਧਿਕਾਰੀਆਂ ਅਤੇ ਸਟਾਫ਼ ਨੂੰ ਹਦਾਇਤ ਕੀਤੀ ਗਈ ਕਿ ਉਹ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ। ਇਸ ਤੋਂ ਇਲਾਵਾ ਸ੍ਰੀਮਤੀ ਮਾਨੀ ਅਰੋੜਾ, ਸੀਜੇਐਮ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਕੇਂਦਰੀ ਜੇਲ੍ਹ, ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਅਤੇ ਓਪਨ ਏਅਰ ਜੇਲ੍ਹ, ਨਾਭਾ ਦੇ ਜੇਲ੍ਹ ਕੈਦੀਆਂ ਨਾਲ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਵੀ ਆਯੋਜਿਤ ਕੀਤੇ ਗਏ। ਇਨ੍ਹਾਂ ਪ੍ਰੋਗਰਾਮਾਂ ਵਿੱਚ ਜੇਲ੍ਹ ਦੇ ਕੈਦੀਆਂ ਨੂੰ ਪਲੀਅ ਬਾਰਗੇਨਿੰਗ, ਮੁਫ਼ਤ ਕਾਨੂੰਨੀ ਸਹਾਇਤਾ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦੇ ਹੱਕਦਾਰ ਵਿਅਕਤੀਆਂ ਬਾਰੇ ਜਾਗਰੂਕ ਕੀਤਾ ਗਿਆ। ਸ੍ਰੀਮਤੀ ਮਾਨੀ ਅਰੋੜਾ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਜ਼ਿਲ੍ਹਾ ਪਟਿਆਲਾ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਲਈ ਮੈਡੀਟੇਸ਼ਨ/ਯੋਗਾ ਕੈਂਪ ਵੀ ਸ਼ੁਰੂ ਕੀਤੇ ਗਏ ਹਨ। ਇਸ ਤੋਂ ਇਲਾਵਾ ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਵਿਖੇ ਪਲੇ ਵੇਅਜ਼ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਸਹਿਯੋਗ ਨਾਲ ਮਹਿਲਾ ਜੇਲ੍ਹ ਕੈਦੀਆਂ ਲਈ ਕੰਪਿਊਟਰ ਸਿਖਲਾਈ ਕੋਰਸ ਵੀ ਸ਼ੁਰੂ ਕੀਤਾ ਗਿਆ ਹੈ।
+ There are no comments
Add yours