ਚੰਡੀਗੜ੍ਹ ਵਿਖੇ ਮਨਾਇਆ ਗਿਆ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ
ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਸਨਮਾਨ
ਚੰਡੀਗੜ੍ਹ, 5 ਦਸੰਬਰ
ਅੱਜ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗਜਨਾਂ ਅਤੇ ਉਨ੍ਹਾਂ ਦੀ ਭਲਾਈ ਲਈ ਵੱਖ- ਵੱਖ ਖੇਤਰਾਂ ਵਿੱਚ ਕੰਮ ਕਰਨ ਵਾਲੀਆਂ 12 ਸ਼ਖਸ਼ੀਅਤਾਂ ਨੂੰ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ।
ਅੱਜ ਇੱਥੇ ਆਯੋਜਿਤ ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਕੈਬਨਿਟ ਮੰਤਰੀ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਦਿਵਿਆਂਗਜਨਾਂ ਨੂੰ ਵਧੇਰੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਵੱਖ-ਵੱਖ ਵਿਭਾਗਾਂ ‘ਚ ਸਿੱਧੀ ਭਰਤੀ ਦੀਆਂ 1200 ਰਾਖਵੀਆਂ ਅਸਾਮੀਆਂ ਨੂੰ ਜਲਦ ਭਰਨ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ, ਜਦਕਿ ਪਦਉੱਨਤੀ ਵਾਲੀਆਂ 620 ਅਸਾਮੀਆਂ ਸਬੰਧੀ ਕਾਰਵਾਈ ਤੇਜੀ ਨਾਲ ਚਲਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਦਿਵਿਆਂਗਜਨ ਜ਼ਿੰਦਗੀ ਦੇ ਕਿਸੇ ਵੀ ਪੜਾਅ ’ਤੇ ਖੁਦ ਨੂੰ ਕਮਜ਼ੋਰ ਨਾ ਸਮਝਣ, ਪੰਜਾਬ ਸਰਕਾਰ ਹਰ ਕਦਮ ਤੇ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਦਿਵਿਆਂਗਜਨਾਂ ਨੂੰ ਆਪਣੇ ਆਪ ਨੂੰ ਅਧੂਰੇ ਨਹੀ ਸਮਝਣਾ ਚਾਹੀਦਾ, ਸਗੋ ਉਹ ਆਪਣੇ ਮਨੋਬਲ ਸਦਕਾ ਅੰਬਰਾਂ ਨੂੰ ਛੂਹ ਸਕਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ 2,59,598 ਦਿਵਿਆਂਗ ਲਾਭਪਾਤਰੀਆਂ ਨੂੰ 478.47 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਜਿਸ ਵਿੱਚ ਦਿਵਿਆਂਗਜਨ ਹੀ ਨਹੀਂ ਸਗੋਂ ਉਹਨਾਂ ਦੇ ਬੱਚੇ ਵੀ ਸ਼ਾਮਲ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਨੇਤਰਹੀਣ ਦਿਵਿਆਂਗਜਨਾਂ ਲਈ ਲੁਧਿਆਣਾ ਵਿਖੇ ਬਲਾਇੰਡ ਸਕੂਲ ਨੂੰ ਅਪਗ੍ਰੇਡ ਕਰਕੇ ਹੁਣ 12ਵੀ ਕਲਾਸ ਤੱਕ ਕਰ ਦਿੱਤਾ ਗਿਆ ਹੈ ਅਤੇ ਇਸ ਦੇ ਬੁਨਿਆਦੀ ਢਾਂਚੇ ਨੂੰ 1 ਕਰੋੜ 67 ਲੱਖ ਰੁਪਏ ਦੀ ਲਾਗਤ ਨਾਲ ਸੁਧਾਰਿਆ ਜਾ ਰਿਹਾ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਦਿਵਿਆਂਗਜਨਾਂ ਦੇ ਸਵੈ ਰੁਜ਼ਗਾਰ ਨੂੰ ਉਤਸਾਹਿਤ ਕਰਨ ਲਈ ਪੰਜਾਬ ਐਸ.ਸੀ. ਵਿਕਾਸ ਕਾਰਪੋਰੇਸ਼ਨ ਵੱਲੋਂ ਸਾਲ 2022-23 ਦੌਰਾਨ ਕੁੱਲ 59 ਕੇਸਾਂ ਤਹਿਤ 129.31 ਲੱਖ ਰੁਪਏ ਅਤੇ ਸਾਲ 2023-24 ਦੌਰਾਨ ਕੁੱਲ 46 ਕੇਸਾਂ ਤਹਿਤ 91.77 ਲੱਖ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਗਏ ਹਨ।
ਇਸ ਮੌਕੇ ਦਿਵਿਆਂਗਜਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਨਿਭਾਈਆਂ ਵਧੀਆ ਸੇਵਾਵਾਂ ਲਈ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਹਰਚਰਨ ਸਿੰਘ, ਡਾ. ਤੇਆਵਾਸਪ੍ਰੀਤ ਕੌਰ, ਡਾ. ਤਪਿੰਦਰ ਜੋਤ, ਸ੍ਰੀ ਰਵਿੰਦਰ ਸਿੰਘ ਸਹੋਤਾ, ਸ਼੍ਰੀ ਨਵਜੋਤ ਸਿੰਘ, ਮਾਤਾ ਗੁਜਰੀ ਭਲਾਈ ਕੇਂਦਰ ਬੁਢਲਾਡਾ, ਜਸਪ੍ਰੀਤ ਕੌਰ ਅਤੇ ਨਰਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸੰਤੋਸ਼ ਰਾਣੀ ਅਤੇ ਸੁਖਦੇਵ ਸਿੰਘ ਅਤੇ ਉਨ੍ਹਾਂ ਦੇ ਜੀਵਨ ਸਾਥੀਆਂ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ.ਸ੍ਰੀਵਾਸਤਵਾ, ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ, ਐਡੀਸ਼ਨਲ ਡਾਇਰੈਕਟਰ ਚਰਨਜੀਤ ਸਿੰਘ ਮਾਨ ਅਤੇ ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਭੁੱਲਰ ਵੀ ਹਾਜ਼ਰ ਸਨ।
+ There are no comments
Add yours