ਲੋਕਾਂ ਨੂੰ ਫ਼ੌਜੀ ਜਵਾਨਾਂ ਦੀਆਂ ਸ਼ਹਾਦਤਾਂ ਬਾਰੇ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਫ਼ੌਜ ‘ਚ ਭਰਤੀ ਲਈ ਉਤਸ਼ਾਹਿਤ ਕਰਨ ਵਾਸਤੇ ਉਲੀਕੀ ਸਾਈਕਲ ਰੈਲੀ ਦਾ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਵਾਗਤ

1 min read
 
435 ਸਾਈਕਲ ਸਵਾਰਾਂ ਨੇ ਮਹੀਨਾ ਭਰ ਵਿੱਚ 1200 ਕਿਲੋਮੀਟਰ ਦਾ ਸਫ਼ਰ ਤਹਿ ਕੀਤਾ
ਫ਼ਲੈਗ ਡੇਅ ਫ਼ੰਡ ਵਿੱਚੋਂ 212 ਸੈਨਿਕਾਂ ਨੂੰ 17.75 ਲੱਖ ਰੁਪਏ ਵਿੱਤੀ ਸਹਾਇਤਾ ਵਜੋਂ ਦਿੱਤੇ
ਚੰਡੀਗੜ੍ਹ, 7 ਦਸੰਬਰ:
ਪੰਜਾਬ ਭਰ ‘ਚ ਸ਼ਹੀਦ ਸੈਨਿਕਾਂ ਦੀਆਂ ਸ਼ਹਾਦਤਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨ ਵਾਸਤੇ ਉਲੀਕੀ ਗਈ ਦੇਸ਼ ਵਿੱਚ ਆਪਣੇ ਕਿਸਮ ਦੀ ਪਹਿਲੀ ਸਾਈਕਲ ਰੈਲੀ ਨੂੰ ਅੱਜ ਆਰਮਡ ਫੋਰਸਿਜ਼ ਫਲੈਗ ਦਿਵਸ ਮੌਕੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਵਾਰ ਮੈਮੋਰੀਅਲ, ਬੋਗਨਵਿਲੀਆ ਪਾਰਕ, ਸੈਕਟਰ-3 ਵਿਖੇ ਸਮਾਪਤੀ ਸਮਾਰੋਹ ਦੌਰਾਨ ਫ਼ਲੈਗ-ਇਨ ਕੀਤਾ ਗਿਆ।
ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਪੁੱਜੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਜੌੜਾਮਾਜਰਾ ਨੇ ਕਿਹਾ ਕਿ ਵਿਭਾਗ ਨੇ ਦੇਸ਼ ਵਿੱਚ ਇੱਕ ਨਿਵੇਕਲੀ ਪਹਿਲ ਕਰਦਿਆਂ ਇਹ ਸਾਈਕਲ ਰੈਲੀ ਉਲੀਕੀ ਤਾਂ ਜੋ ਫ਼ਲੈਗ ਡੇਅ ਫ਼ੰਡ ਬਾਰੇ ਆਮ ਜਨਤਾ ਨੂੰ ਜਾਣੂ ਕਰਵਾਉਣ ਸਣੇ ਦੇਸ਼ ਦੀ ਰਾਖੀ ਲਈ ਸੈਨਿਕਾਂ ਵੱਲੋਂ ਕੀਤੀਆਂ ਕੁਰਬਾਨੀਆਂ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਨੌਜਵਾਨਾਂ ‘ਚ ਦੇਸ਼-ਭਗਤੀ ਦੀ ਭਾਵਨਾ ਪੈਦਾ ਕਰਕੇ ਉਨ੍ਹਾਂ ਨੂੰ ਹਥਿਆਰਬੰਦ ਸੈਨਾ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਕੈਬਨਿਟ ਮੰਤਰੀ ਨੇ ਸਮੂਹ ਦੇਸ਼ ਵਾਸੀਆਂ ਨੂੰ ਝੰਡਾ ਡੇਅ ਫ਼ੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਦੱਸੇ ਦੇਈਏ ਕਿ ਇੱਕ ਮਹੀਨਾ ਪਹਿਲਾਂ ਇਸ ਸਾਈਕਲ ਰੈਲੀ ਦੀ ਸ਼ੁਰੂਆਤ ਵਾਰ ਮੈਮੋਰੀਅਲ, ਬੋਗਨਵਿਲੀਆ ਪਾਰਕ, ਸੈਕਟਰ-3 ਤੋਂ ਕੀਤੀ ਗਈ ਸੀ, ਜੋ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ ਅੱਜ ਸਵੇਰੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮੋਹਾਲੀ ਤੋਂ ਚੱਲ ਕੇ ਵਾਰ ਮੈਮੋਰੀਅਲ ਚੰਡੀਗੜ੍ਹ ਵਿਖੇ ਪਹੁੰਚੀ। ਰੈਲੀ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਦੀਆਂ ਸਾਈਕਲਿੰਗ ਟੀਮਾਂ ਨੇ ਕੁੱਲ 1200 ਕਿਲੋਮੀਟਰ ਦਾ ਸਫ਼ਰ ਤਹਿ ਕੀਤਾ ਜਿਸ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਤਕਰੀਬਨ 435 ਸਾਈਕਲਿਸਟਾਂ ਨੇ ਭਾਗ ਲਿਆ। ਇਸ ਦੌਰਾਨ ਵਿਭਾਗ ਵੱਲੋਂ 212 ਲੋੜਵੰਦ ਸੈਨਿਕਾਂ ਨੂੰ ਕਰੀਬ 17 ਲੱਖ 75 ਹਜ਼ਾਰ ਰੁਪਏ ਦੀ ਰਾਸ਼ੀ ਵੰਡੀ ਗਈ।
ਸਮਾਗਮ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਡਾ. ਬੀ.ਐਸ ਢਿੱਲੋਂ ਵੱਲੋਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਜੌੜਾਮਾਜਰਾ ਦੇ ਬੈਜ ਲਾਉਣ ਦੀ ਰਸਮ ਅਦਾ ਕੀਤੀ ਗਈ।
ਇਸ ਉਪਰੰਤ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ, ਸ੍ਰੀਮਤੀ ਜਗਮੀਤ ਗਰੇਵਾਲ ਪਤਨੀ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਸੈਨਾ ਮੈਡਲ, ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਐਨ.ਸੀ.ਸੀ ਚੰਡੀਗੜ੍ਹ ਦੇ ਤਿੰਨੋਂ ਵਿੰਗਾਂ ਦੇ ਕੈਡਿਟਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।
ਸਮਾਗਮ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਜੇ.ਐਮ ਬਾਲਾਮੁਰਗਨ, ਡਾਇਰੈਕਟਰ ਬ੍ਰਿਗੇਡੀਅਰ (ਸੇਵਾ-ਮੁਕਤ) ਡਾ.  ਬੀ.ਐਸ ਢਿੱਲੋਂ, ਡਿਪਟੀ ਡਾਇਰੈਕਟਰ ਕਮਾਂਡਰ ਬਲਜਿੰਦਰ ਸਿੰਘ ਵਿਰਕ, ਸਾਬਕਾ ਸੈਨਿਕ, ਐਨ.ਸੀ.ਸੀ. ਕੈਡਿਟ ਅਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀ ਤੇ ਸਟਾਫ਼ ਮੈਂਬਰ ਹਾਜ਼ਰ ਸਨ।

You May Also Like

More From Author

+ There are no comments

Add yours