ਪੁਲੀਸ ਮੁਖੀ ਨੂੰ ਜ਼ਿਲ੍ਹੇ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ’ਚ ਪੁਲੀਸ ਗਸ਼ਤ ਤੇਜ ਕਰਨ, ਨਾਕਾਬੰਦੀ ਵਧਾਉਣ ਅਤੇ ਸ਼ੱਕੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ
ਚੰਡੀਗੜ੍ਹ, 28 ਦਸੰਬਰ:
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਜ਼ਿਲ੍ਹਾ ਫਰੀਦਕੋਟ ਦੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ ਨਾਲ ਸਮੀਖਿਆ ਮੀਟਿੰਗ ਕੀਤੀ।
ਸ. ਸੰਧਵਾਂ ਨੇ ਡੀ.ਜੀ.ਪੀ. ਤੋਂ ਜ਼ਿਲ੍ਹਾ ਫਰੀਦਕੋਟ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ’ਚ ਪੁਲੀਸ ਪ੍ਰਬੰਧਾਂ ਦੀ ਜਾਣਕਾਰੀ ਲੈਣ ਮਗਰੋਂ ਕਿਹਾ ਕਿ ਜ਼ਿਲ੍ਹੇ ਵਿੱਚ ਪੁਲੀਸ ਗਸ਼ਤ ਤੇਜ ਕਰਨ, ਨਾਕਾਬੰਦੀ ਵਧਾਉਣ ਅਤੇ ਸ਼ੱਕੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖੀ ਜਾਵੇ।
ਸ. ਸੰਧਵਾਂ ਨੇ ਕਿਹਾ ਕਿ ਪਿਛਲੇ ਦਿਨੀਂ ਫਰੀਦਕੋਟ ਜ਼ਿਲ੍ਹੇ ਅੰਦਰ ਰਾਹਗੀਰਾਂ ਨੂੰ ਲੁੱਟਣ ਦੀਆਂ ਕੁੱਝ ਘਟਨਾਵਾਂ ਵਾਪਰੀਆਂ ਹਨ। ਉਨ੍ਹਾਂ ਪੁਲੀਸ ਮੁਖੀ ਨੂੰ ਕਿਹਾ ਕਿ ਅਜਿਹੇ ਅਨਸਰਾਂ ਨੂੰ ਕਿਸੇ ਕੀਮਤ ‘ਤੇ ਬਖ਼ਸ਼ਿਆ ਨਾ ਜਾਵੇ।
ਸਪੀਕਰ ਸੰਧਵਾਂ ਨੇ ਕਿਹਾ ਕਿ ਸੂਬਾ ਸਰਕਾਰ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਚੰਗਾ ਪੁਲੀਸ ਪ੍ਰਬੰਧ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
ਇਸ ਮੌਕੇ ਪੰਜਾਬ ਪੁਲੀਸ ਮੁਖੀ ਸ੍ਰੀ ਗੌਰਵ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਫਰੀਦਕੋਟ ਸਮੇਤ ਪੰਜਾਬ ਭਰ ‘ਚ ਅਮਨ ਕਾਨੂੰਨ ਦੀ ਸਥਿਤੀ ਵਿਗਾੜਨ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਚੋਰਾਂ, ਲੁਟੇਰਿਆਂ ਅਤੇ ਗੁੰਡਾ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠੇਗੀ।
+ There are no comments
Add yours