ਆਪ੍ਰੇਸ਼ਨ ਈਗਲ 3: ਪੰਜਾਬ ਪੁਲਿਸ ਨੇ 134 ਬੱਸ ਸਟੈਂਡਾਂ, 181 ਰੇਲਵੇ ਸਟੇਸ਼ਨਾਂ ’ਤੇ ਰਾਜ-ਵਿਆਪੀ ਵਿਸ਼ੇਸ਼ ਚੈਕਿੰਗ ਤੇ ਤਲਾਸ਼ੀ ਅਭਿਆਨ ਦੌਰਾਨ 24 ਅਪਰਾਧਿਕ ਤੱਤਾਂ ਨੂੰ ਕੀਤਾ ਗ੍ਰਿਫਤਾਰ 

1 min read
– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

 

– ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 500 ਤੋਂ ਵੱਧ ਪੁਲਿਸ ਟੀਮਾਂ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ: ਸਪੈਸ਼ਨ ਡੀਜੀਪੀ ਅਰਪਿਤ ਸ਼ੁਕਲਾ

 

– 917 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ

 

ਚੰਡੀਗੜ੍ਹ, 2 ਜਨਵਰੀ:

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਵਿੱਢੀ  ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ‘‘ਆਪ੍ਰੇਸ਼ਨ ਈਗਲ-3’’ ਦੇ ਨਾਂ ਹੇਠ ਰਾਜ ਭਰ ਦੇ ਸਾਰੇ ਬੱਸ ਅੱਡੇ ਅਤੇ ਰੇਲਵੇ ਸਟੇਸ਼ਨਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਦੀਆਂ ਥਾਵਾਂ ’ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਅਮਲ ਵਿੱਚ ਲਿਆਂਦੀ ਗਈ।

 

ਇਹ ਆਪ੍ਰੇਸ਼ਨ (ਕਾਸੋ) ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ , ਜਿਸ ਤਹਿਤ ਪੁਲਿਸ ਟੀਮਾਂ ਨੇ ਸਨਿਫ਼ਰ ਡਾਗਜ਼ ( ਸੁੰਘਣ ਵਾਲੇ ਕੁੱਤੇ) ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਕੀਤੀ ।

 

ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਨਿੱਜੀ ਤੌਰ ’ਤੇ ਇਸ ਰਾਜ ਪੱਧਰੀ ਕਾਰਵਾਈ ਦੀ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਇਸ ਕਾਰਵਾਈ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਰੇਕ ਰੇਲਵੇ ਸਟੇਸ਼ਨ / ਬੱਸ ਅੱਡਿਆਂ ’ਤੇ ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੇ ਅਗਵਾਈ ਵਾਲੀਆਂ ਘੱਟੋ-ਘੱਟ ਦੋ ਮਜ਼ਬੂਤ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਰੇਂਜ ਅਧਿਕਾਰੀਆਂ ਨੂੰ ਇਸ ਕਾਰਵਾਈ ਦੀ ਮੁਕੰਮਲ ਨਿਗਰਾਨੀ ਕਰਨ ਲਈ ਕਿਹਾ ਗਿਆ ਸੀ।

 

ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ ਸਾਰੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿਛ ਕਰਨ ਅਤੇ ਉਨ੍ਹਾਂ ਦੇ ਪਿਛੋਕੜ ਦੀ ਤਫ਼ਤੀਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ।”

 

ਸਪੈਸ਼ਲ ਡੀ.ਜੀ.ਪੀ. ਨੇ ਕਿਹਾ ਕਿ ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਸ਼ੱਕੀ ਵਿਅਕਤੀਆਂ ਦੀ ਸ਼ਨਾਖਤ ਲਈ ਸੂਬੇ ਭਰ ’ਚ ਲਗਭਗ 500 ਪੁਲਸ ਟੀਮਾਂ, ਜਿਨ੍ਹਾਂ ਵਿੱਚ 4000 ਤੋਂ ਵੱਧ ਪੁਲੀਸ ਕਰਮੀਆਂ ਸ਼ਾਮਲ ਸਨ,  ਨੇ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ ਅਤੇ  ਇਸ ਦੌਰਾਨ  ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਗਿਆ ।

 

ਉਨ੍ਹਾਂ ਕਿਹਾ ਕਿ ਸੂਬੇ ਦੇ 134 ਬੱਸ ਅੱਡਿਆਂ ਅਤੇ 181 ਰੇਲਵੇ ਸਟੇਸ਼ਨਾਂ ’ਤੇ ਚਲਾਏ ਗਏ ਅਪਰੇਸ਼ਨ ਦੌਰਾਨ 917 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ  ਗਿਆ ਹੈ, ਜਦਕਿ ਪੁਲਿਸ ਟੀਮਾਂ ਨੇ 21 ਐਫਆਈਆਰਜ਼ ਦਰਜ ਕਰਕੇ 24 ਅਪਰਾਧਿਕ ਤੱਤਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

 

ਜਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਫੀਲਡ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਦਰਸਾਉਣ ਅਤੇ ਆਮ ਲੋਕਾਂ  ਦਾ ਭਰੋਸਾ ਵਧਾਉਣ ਵਿੱਚ ਵੀ ਮਦਦਗਾਰ ਸਿੱਧ ਹੁੰਦੇ ਹਨ।
———–

You May Also Like

More From Author

+ There are no comments

Add yours