ਪਟਿਆਲਾ, 9 ਜਨਵਰੀ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਟਿਆਲਾ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 48 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਇਹ ਰਾਸ਼ੀ ਸਿੱਧੇ ਕਿਸਾਨਾਂ ਦੇ ਖਾਤਿਆਂ ਵਿੱਚ ਜਮਾ ਕਰਵਾਈ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਾਉਣੀ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500/- ਰੁਪਏ ਦੀ ਰਾਸ਼ੀ ਵੈਰੀਫਿਕੇਸ਼ਨ ਕਰਨ ਉਪਰੰਤ ਦਿੱਤੀ ਗਈ ਹੈ ਤਾਂ ਜੋ ਧਰਤੀ ਹੇਠਲੇ ਡਿੱਗਦੇ ਪਾਣੀ ਦੇ ਪੱਧਰ ਨੂੰ ਬਚਾਇਆਂ ਜਾ ਸਕੇ ਅਤੇ ਹੋਰ ਕਿਸਾਨਾਂ ਨੂੰ ਇਸ ਵਿਧੀ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਡੀ.ਐਸ.ਆਰ ਵਿਧੀ ਨਾਲ ਬੀਜੇ ਗਏ ਝੋਨੇ ਦਾ ਝਾੜ ਕੱਦੂ ਕੀਤੇ ਝੋਨੇ ਦੇ ਬਰਾਬਰ ਰਹਿੰਦਾ ਹੈ ਅਤੇ ਬਿਜਾਈ ਸਮੇਂ ਖਰਚਾ ਘੱਟ ਆਉਂਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਵਿਧੀ ਨੂੰ ਅਪਣਾਉਣ ਸਮੇਂ ਨਦੀਨਾਂ ਦੀ ਰੋਕਥਾਮ ਸਬੰਧੀ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਪੈਦਾ ਹੋਣ ਵਾਲੇ ਨਦੀਨਾਂ ਨੂੰ ਖਤਮ ਕੀਤਾ ਜਾ ਸਕੇ।
+ There are no comments
Add yours