ਫਾਜ਼ਿਲਕਾ ਦੂਜੇ ਅਤੇ ਪਠਾਨਕੋਟ ਤੀਜੇ ਸਥਾਨ ‘ਤੇ ਰਿਹਾ
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚਕ ਨੇ ਸਾਉਣੀ ਮੰਡੀਕਰਨ ਸੀਜ਼ਨ 2023-24 ਨੂੰ ਸਫ਼ਲ ਬਣਾਉਣ ਵਾਸਤੇ ਸਖ਼ਤ ਮਿਹਨਤ ਕਰਨ ਲਈ ਵਿਭਾਗ ਦੀ ਕੀਤੀ ਸ਼ਲਾਘਾ
ਵਿਭਾਗ ਨੇ ਢੋਲ ਦੇ ਡਗੇ ‘ਤੇ ਨੱਚ ਕੇ ਮਨਾਈ ਲੋਹੜੀ
ਚੰਡੀਗੜ੍ਹ, 9 ਜਨਵਰੀ:
ਸਾਉਣੀ ਮੰਡੀਕਰਨ ਸੀਜ਼ਨ 2023-24 ਦੌਰਾਨ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਇਸ ਸੀਜ਼ਨ ਨੂੰ ਸਫ਼ਲ ਬਣਾਉਣ ਲਈ ਸਮੁੱਚੇ ਵਿਭਾਗ ਦੀ ਸ਼ਲਾਘਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਹ ਵਿਭਾਗ ਦੇ ਸਮੂਹ ਕਰਮਚਾਰੀਆਂ ਦੀ ਦਿਨ-ਰਾਤ ਦੀ ਮਿਹਨਤ ਦਾ ਨਤੀਜਾ ਹੈ। ਉਹਨਾਂ ਆਸ ਪ੍ਰਗਟਾਈ ਕਿ ਸਾਉਣੀ ਮੰਡੀਕਰਨ ਸੀਜ਼ਨ 2024-25 ਵਿੱਚ ਵੀ ਇਹ ਸਕਾਰਾਤਮਕ ਰੁਝਾਨ ਜਾਰੀ ਰਹੇਗਾ।
ਸਾਉਣੀ ਮੰਡੀਕਰਨ ਸੀਜ਼ਨ 2023-24 ਦੀ ਸਮੀਖਿਆ ਕਰਨ ਲਈ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਕਿਹਾ ਕਿ ਵਿਭਾਗ, ਪੰਜਾਬ ਦੇ ਖੇਤੀਬਾੜੀ ਸੈਕਟਰ ਨਾਲ ਨੇੜਿਓਂ ਜੁੜਿਆ ਹੋਇਆ ਹੈ ਜੋ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹੈ। ਮੰਤਰੀ ਨੇ ਕਿਹਾ ਕਿ ਕਿਸਾਨ ਸਿਰਫ਼ ਦੋ ਚੀਜ਼ਾਂ ਚਾਹੁੰਦੇ ਹਨ ਜਿਹਨਾਂ ਵਿੱਚ ਉਨ੍ਹਾਂ ਦੀਆਂ ਫ਼ਸਲਾਂ ਦੀ ਸਮੇਂ ਸਿਰ ਚੁਕਾਈ ਅਤੇ ਤੁਰੰਤ ਅਦਾਇਗੀ ਸ਼ਾਮਿਲ ਹੈ।
ਇਸ ਮੌਕੇ ਕੈਬਨਿਟ ਮੰਤਰੀ ਨੇ ਸਾਉਣੀ ਮੰਡੀਕਰਨ ਸੀਜ਼ਨ 2023-24 ਨੂੰ ਸਫ਼ਲ ਬਣਾਉਣ ਲਈ ਮਿਸਾਲੀ ਕਾਰਗੁਜ਼ਾਰੀ ਦਿਖਾਉਣ ਵਾਲੇ ਤਿੰਨ ਜ਼ਿਲ੍ਹਿਆਂ ਨੂੰ ਸਨਮਾਨਿਤ ਕੀਤਾ। ਪਠਾਨਕੋਟ ਦੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਗੁਰਿੰਦਰ ਸਿੰਘ ਨੇ ਤੀਜਾ ਇਨਾਮ ਹਾਸਲ ਕੀਤਾ। ਡੀ.ਐਫ.ਐਸ.ਸੀ. ਫਾਜ਼ਿਲਕਾ ਹਿਮਾਂਸ਼ੂ ਨੇ ਦੂਜਾ ਜਦਕਿ ਡੀ.ਐਫ.ਐਸ.ਸੀ. ਮਾਨਸਾ ਮਨਦੀਪ ਸਿੰਘ ਨੇ ਪਹਿਲਾ ਇਨਾਮ ਹਾਸਿਲ ਕੀਤਾ।
ਇਸ ਮੌਕੇ ਸਮੁੱਚੇ ਵਿਭਾਗ ਨੇ ਢੋਲ ਦੇ ਡਗੇ ‘ਤੇ ਨੱਚ ਕੇ ਲੋਹੜੀ ਮਨਾਈ।
ਇਸ ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਪੁਨੀਤ ਗੋਇਲ, ਐਮ.ਡੀ. ਪਨਸਪ ਸੋਨਾਲੀ ਗਿਰੀ, ਐਮ.ਡੀ. ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਕੰਵਲਪ੍ਰੀਤ ਕੌਰ ਬਰਾੜ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।
+ There are no comments
Add yours