ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਬਿਨ੍ਹਾਂ ਸਾੜੇ ਤੇ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤ ਦਾ ਦੌਰਾ

1 min read
-ਕਿਹਾ, ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੇ ਰਾਖੇ ਬਣੇ ਕਿਸਾਨ ਹੋਰਨਾਂ ਲਈ ਰਾਹ ਦਸੇਰਾ
-ਪ੍ਰਤਾਪ ਨਗਰ ਤੇ ਲਲੌਛੀ ਵਿਖੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ ਵੀ ਕੀਤਾ
ਪਟਿਆਲਾ, 17 ਜਨਵਰੀ:
ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਦੀ ਹੌਂਸਲਾ ਅਫ਼ਜਾਈ ਕਰਨ ਅਤੇ ਸਰਫੇਸ ਸੀਡਰ ਨਾਲ ਬੀਜੀ ਕਣਕ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖੇਤਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਰਾਲੀ ਨੂੰ ਅੱਗ ਨਾ ਲਗਾਕੇ ਕਣਕ ਬੀਜਣ ਵਾਲੇ ਕਿਸਾਨਾਂ ਨੂੰ ਵਾਤਾਵਰਣ ਦੇ ਰਾਖੇ ਆਖਦਿਆਂ ਕਿਹਾ ਕਿ ਅਜਿਹੇ ਕਿਸਾਨ ਹੋਰਨਾਂ ਲਈ ਰਾਹ ਦਸੇਰਾ ਬਣੇ ਹਨ।
ਪ੍ਰਤਾਪ ਨਗਰ ਵਿਖੇ ਕਰੀਬ 14 ਏਕੜ ਜਮੀਨ ‘ਚ ਕਣਕ ਦੀ ਬਿਜਾਈ ਪਰਾਲੀ ਨੂੰ ਬਗੈਰ ਸਾੜੇ ਹੀ ਸਰਫੇਸ ਸੀਡਰ ਨਾਲ ਕਰਨ ਵਾਲੇ ਕਿਸਾਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੀ ਵਾਰ ਉਨ੍ਹਾਂ ਨੇ ਮਲਚਿੰਗ ਕਰਕੇ ਕਣਕ ਬੀਜੀ ਸੀ  ਅਤੇ ਇਸ ਵਾਰ ਸਰਫੇਸ ਸੀਡਰ ਨਾਲ ਕਣਕ ਬੀਜੀ ਹੈ। ਉਸਨੇ ਦੱਸਿਆ ਕਿ ਉਸਨੇ 40 ਤੋਂ 45 ਕਿਲੋ ਪ੍ਰਤੀ ਏਕੜ ਬੀਜ ਪਾਇਆ, ਇਸ ਨਾਲ ਖ਼ਰਚੇ ਵੀ ਕਾਫ਼ੀ ਘਟੇ ਹਨ, ਨਦੀਨ ਘੱਟ ਹੋਇਆ ਤੇ ਇਸ ਵਿੱਚ ਪਈ ਪਰਾਲੀ ਖਾਦ ਦਾ ਕੰਮ ਕਰਦੀ ਹੈ, ਜਿਸ ਕਰਕੇ ਦਵਾਈਆਂ ਦੀ ਮਾਤਰਾ ਬਹੁਤ ਘੱਟ ਜਾਣ ਕਰਕੇ ਇਹ ਇੱਕ ਤਰ੍ਹਾਂ ਦੀ ਆਰਗੈਨਿਕ ਕਣਕ ਬਣ ਜਾਂਦੀ ਹੈ।
ਪਿੰਡ ਲਲੌਛੀ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈਆਂ ਜਾ ਰਹੀਆਂ ਕਿਸਾਨ ਭਲਾਈ ਸਕੀਮਾਂ ਦਾ ਸਹਿਕਾਰੀ ਸਭਾਵਾਂ ਤੇ ਖੇਤੀਬਾੜੀ ਵਿਭਾਗ ਰਾਹੀਂ ਲਾਭ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਪਰਾਲੀ ਸੜਨ ਨਾਲ ਹੋਣ ਵਾਲਾ ਪ੍ਰਦੂਸ਼ਣ ਕੈਂਸਰ ਦਾ ਕਾਰਨ ਬਣਦਾ ਹੈ, ਇਸ ਲਈ ਕਿਸਾਨ ਬਿਨ੍ਹਾਂ ਅੱਗ ਲਗਾਏ ਬਦਲਵੇਂ ਢੰਗਾਂ ਨਾਲ ਕਣਕ ਦੀ ਬਿਜਾਈ ਕਰਨ। ਇਸ ਮੌਕੇ ਕਿਸਾਨਾਂ ਤੇ ਸਬਜੀ ਕਾਸ਼ਤਕਾਰਾਂ ਨੇ ਆਪਣੀਆਂ ਮੁਸ਼ਕਿਲਾਂ ਵੀ ਡਿਪਟੀ ਕਮਿਸ਼ਨਰ ਨੂੰ ਦੱਸੀਆਂ ਜਿਸ ਦਾ ਹੱਲ ਕਰਨ ਲਈ ਮੌਕੇ ‘ਤੇ ਹੀ ਨਿਰਦੇਸ਼ ਦਿੱਤੇ ਗਏ।
ਡਿਪਟੀ ਕਮਿਸ਼ਨਰ ਨੇ ਪਿੰਡ ਬਡੂੰਗਰ ਦੇ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਵਾਲੇ ਜਗਤਵੀਰ ਸਿੰਘ, ਪਿੰਡ ਲਲੌਛੀ ਦੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨ ਗੁਰਦੀਪ ਸਿੰਘ, ਸਤਨਾਮ ਸਿੰਘ ਤੇ ਵਿਕਰਮਜੀਤ ਸਿੰਘ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਰਟੀਫਿਕੇਟ ਪ੍ਰਦਾਨ ਕੀਤੇ। ਇਸ ਦੌਰਾਨ ਅਗਾਂਹਵਧੂ ਕਿਸਾਨ ਇੰਦਰਜੀਤ ਸਿੰਘ ਹਾਮਝੇੜੀ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ, ਵਾਤਾਵਰਣ ਇੰਜੀਨੀਅਰ ਰੋਹਿਤ ਸਿੰਗਲਾ, ਖੇਤੀਬਾੜੀ ਵਿਭਾਗ ਦੇ ਅਧਿਕਾਰੀ ਰਵਿੰਦਰਪਾਲ ਸਿੰਘ ਚੱਠਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
*******

You May Also Like

More From Author

+ There are no comments

Add yours