ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਡਿਪਟੀ ਕਮਿਸ਼ਨਰ ਵਲੋਂ ਜਾਇਜ਼ਾ
-ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਲਹਿਰਾਉਣਗੇ ਤਿਰੰਗਾ ਝੰਡਾ
ਪਟਿਆਲਾ, 18 ਜਨਵਰੀ :
ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪੋਲੋ ਗਰਾਊਂਡ ਵਿਖੇ 26 ਜਨਵਰੀ ਨੂੰ ਦੇਸ਼ ਦੇ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਐਸ.ਪੀ. ਹਰਵੰਤ ਕੌਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਕੌਮੀ ਦਿਹਾੜੇ ਮੌਕੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੇਸ਼ ਦਾ ਕੌਮੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਉਨ੍ਹਾਂ ਵੱਲੋਂ ਸੂਬਾ ਨਿਵਾਸੀਆਂ ਦੇ ਨਾਮ ਸੰਦੇਸ਼ ਵੀ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਵੱਖ-ਵੱਖ ਕਾਰਜਾਂ ਲਈ ਗਠਿਤ ਕਮੇਟੀਆਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਆਦੇਸ਼ ਦਿੱਤੇ ਕਿ ਕੌਮੀ ਮਹੱਤਤਾ ਵਾਲੇ ਇਸ ਸਮਾਗਮ ਦੀਆਂ ਤਿਆਰੀਆਂ ਨੂੰ ਸਮਾਂ ਰਹਿੰਦੇ ਨੇਪਰੇ ਚੜ੍ਹਾਇਆ ਜਾਵੇ ਅਤੇ ਕੋਈ ਅਣਗਹਿਲੀ ਨਾ ਵਰਤੀ ਜਾਵੇ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸੁਰੱਖਿਆ ਸਮੇਤ ਝਾਕੀਆਂ, ਸੱਭਿਆਚਾਰਕ ਪ੍ਰੋਗਰਾਮ ਅਤੇ ਪੁਲਿਸ, ਆਈ.ਟੀ.ਬੀ.ਪੀ., ਹੋਮ ਗਾਰਡਜ, ਐਨ.ਸੀ.ਸੀ., ਰੈਡ ਕਰਾਸ, ਸਕਾਊਟ ਗਾਈਡ ਦੀਆਂ ਟੁਕੜੀਆਂ ਵੱਲੋਂ ਕੀਤੀ ਜਾਣ ਵਾਲੀ ਪਰੇਡ ਦੀ ਰਿਹਰਸਲ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਸਾਕਸ਼ੀ ਸਾਹਨੀ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਮਾਗਮ ਵਾਲੇ ਦਿਨ ਪੋਲੋ ਗਰਾਊਂਡ ਵਿਖੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਅਤੇ ਨਾਲ ਹੀ ਜ਼ਿਲ੍ਹਾ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੇ ਇਸ ਸਮਾਗਮ ‘ਚ ਵਧ ਚੜ੍ਹਕੇ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ।
ਮੀਟਿੰਗ ਦੌਰਾਨ ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਈ.ਓ. ਪੀ.ਡੀ.ਏ. ਦੀਪਜੋਤ ਕੌਰ, ਸਹਾਇਕ ਕਮਿਸ਼ਨਰ ਰਾਜ ਕਰ ਕਨੂੰ ਗਰਗ ਸਮੇਤ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਫੋਟੋ ਕੈਪਸ਼ਨ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਪਟਿਆਲਾ ਵਿਖੇ ਪੋਲੋ ਗਰਾਊਂਡ ਵਿਖੇ ਗਣਤੰਤਰ ਦਿਵਸ ਦੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ।
Deputy Commissioner reviews preparations for Republic Day

+ There are no comments
Add yours