PATIALA: ਹੈਰੀਟੇਜ ਮੇਲਾ 2 ਤੇ 3 ਫਰਵਰੀ ਨੂੰ, ਸਮਾਗਮਾਂ ਦਾ ਪੋਸਟਰ ਜਾਰੀ

1 min read

ਪਟਿਆਲਾ, 25 ਦਸੰਬਰ (ਆਪਣਾ ਪੰਜਾਬ ਡੈਸਕ):

 

ਪਟਿਆਲਾ ਵਿਖੇ ਪਟਿਆਲਾ ਹੈਰੀਟੇਜ ਮੇਲਾ 2 ਤੇ 3 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਹੋਣ ਵਾਲੇ ਵੱਖ-ਵੱਖ ਸਮਾਗਮਾਂ ਦਾ ਪੋਸਟਰ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਮੂਹ ਪੰਜਾਬੀਆਂ ਤੇ ਖਾਸ ਕਰਕੇ ਪਟਿਆਲਵੀਆਂ ਨੂੰ ਇਨ੍ਹਾਂ ਸਮਾਗਮਾਂ ਦਾ ਆਨੰਦ ਮਾਣਨ ਲਈ ਖੁੱਲ੍ਹਾ ਸੱਦਾ ਦਿੱਤਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਸਹੀ ਅਰਥਾਂ ਵਿੱਚ ਰੰਗਲਾ ਪੰਜਾਬ ਬਣਾਉਣ ਦਾ ਬੀੜਾ ਉਠਾਇਆ ਗਿਆ ਹੈ, ਇਸ ਲਈ ਰਾਜ ਭਰ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੀ ਵਿਰਾਸਤ ਨੂੰ ਉਭਾਰਨ ਲਈ ਹੈਰੀਟੇਜ ਫੈਸਟੀਵਲ ਕਰਵਾਏ ਜਾ ਰਹੇ ਹਨ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ 2 ਫਰਵਰੀ ਨੂੰ ਜਿੱਥੇ ਪਟਿਆਲਾ ਲਿਟਰੇਚਰ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਸ਼ੁਰੂ ਹੋਵੇਗਾ ਉਥੇ ਹੀ ਸ਼ਾਮ ਨੂੰ ਕਿਲ੍ਹਾ ਮੁਬਾਰਕ ਵਿਖੇ ਸ਼ਾਸ਼ਤਰੀ ਸੰਗੀਤ ਦੀ ਸ਼ਾਮ ਦੀ ਸ਼ੁਰੂਆਤ ਹੋਵੇਗੀ। ਇਸ ਦੌਰਾਨ 2 ਫਰਵਰੀ ਨੂੰ ਸ਼ਾਮ 6 ਵਜੇ ਪਟਿਆਲਾ ਵਿਖੇ ਪਹਿਲੀ ਵਾਰ ਭਾਰਤੀ ਕਲਾ ਕੇਂਦਰ ਵੱਲੋਂ ਸ਼ਾਸਤਰੀ ਨਾਚ ਬੈਲੇ ਹੋਵੇਗਾ ਅਤੇ ਪੰਡਿਤ ਸੁਭੇਂਦਰ ਰਾਓ ਅਤੇ ਸਸਕਿਆ ਰਾਓ ਵੱਲੋਂ ਸਿਤਾਰ ਅਤੇ ਸੈਲੋ ਵਾਦਨ। ਇਸੇ ਤਰ੍ਹਾਂ 3 ਫਰਵਰੀ ਨੂੰ ਸ਼ਾਮ 6 ਵਜੇ ਗਵਾਲੀਅਰ ਘਰਾਣੇ ਦੇ ਪੰਡਿਤ ਲਕਸ਼ਮਣ ਕ੍ਰਿਸ਼ਨਾ ਰਾਓ ਅਤੇ ਮੀਤਾ ਪੰਡਿਤ ਵੱਲੋਂ ਸ਼ਾਸਤਰੀ ਗਾਇਨ ਹੋਵੇਗਾ ਅਤੇ ਨਜ਼ੀਰ ਅਹਿਮਦ ਕਵਾਲ ਵੱਲੋਂ ਨਾਤੀਆ ਕਵਾਲੀ ਗਾਇਨ ਹੋਵੇਗਾ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ 4 ਫਰਵਰੀ ਨੂੰ ਸਵੇਰੇ 10 ਵਜੇ ਬਾਰਾਂਦਰੀ ਬਾਗ ਵਿਖੇ ਪਟਿਆਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਬਾਰਦਰੀ ਗਾਰਡਨ ਵਾਕ ਕਰਵਾਈ ਜਾਵੇਗੀ। ਇਸੇ ਦਿਨ ਪਟਿਆਲਾ ਸਵੈ ਸਹਾਇਤਾ ਗਰੁੱਪਾਂ ਦੀ ਦਸਤਕਾਰੀ ਦੀ ਨੁਮਾਇਸ਼, ਫੂਡ ਫੈਸਟੀਵਲ ਵਿੱਚ ਪਟਿਆਲਾ ਦੇ ਵਿਰਾਸਤੀ ਖਾਣੇ ਉਪਲਬੱਧ ਹੋਣਗੇ। ਇਸੇ ਸ਼ਾਮ ਨੂੰ 6 ਵਜੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪ੍ਰਸਿੱਧ ਪੰਜਾਬੀ ਗਾਇਕ ਗੁਰਨਾਮ ਭੁੱਲਰ ਦਾ ਪੌਪ ਸ਼ੋਅ ਹੋਵੇਗਾ। ਜਦਕਿ 10 ਫਰਵਰੀ ਨੂੰ ਹੈਰੀਟੇਜ ਵਾਕ ਤਹਿਤ ਕਿਲਾ ਮੁਬਾਰਕ ਵਿਖੇ ਵਿਰਾਸਤੀ ਸੈਰ ਉਲੀਕੀ ਗਈ ਹੈ ਅਤੇ ਪਟਿਆਲਾ ਹੈਰੀਟੇਜ ਉਤਸਵ ਦੇ ਅਖੀਰ ਵਿੱਚ 11 ਫਰਵਰੀ ਨੂੰ ਪੋਲੋ ਗਰਾਊਂਡ ਵਿਖੇ ਪਟਿਆਲਾ ਕੈਨਲ ਕਲੱਬ ਵੱਲੋਂ 60ਵੇਂ ਤੇ 61ਵੇਂ ਆਲ ਬਰੀਡ ਚੈਂਪਅਨਸ਼ਿਪ ਤਹਿਤ ਡਾਗ ਸ਼ੋਅ ਕਰਵਾਇਆ ਜਾਵੇਗਾ।
ਸਾਕਸ਼ੀ ਸਾਹਨੀ ਨੇ ਪਟਿਆਲਾ ਹੈਰੀਟੇਜ ਫੈਸਟੀਵਲ ਦਾ ਦਾ ਅਨੰਦ ਮਾਣਨ ਦਾ ਖੁੱਲਾ ਸੱਦਾ ਦਿੰਦਿਆਂ ਕਿਹਾ ਕਿ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਆਪਣੀ ਵਡਮੁੱਲੀ ਵਿਰਾਸਤ, ਸੱਭਿਆਚਾਰ ਅਤੇ ਅਮੀਰ ਵਿਰਸੇ ਬਾਰੇ ਜਾਣਕਾਰੀ ਦੇਣ ਲਈ ਵਿਰਾਸਤੀ ਸ਼ਹਿਰ ਪਟਿਆਲਾ ਵਿਖੇ ਕਰਵਾਏ ਜਾਣ ਵਾਲੇ ਇਸ ਵੱਡੇ ਸ਼ੋਅ ਦਾ ਜਰੂਰ ਹਿੱਸਾ ਬਣਿਆ ਜਾਵੇ।
ਇਸ ਮੌਕੇ ਏ.ਡੀ.ਸੀਜ਼ ਅਨੁਪ੍ਰਿਤਾ ਜੌਹਲ, ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਸਕੱਤਰ ਆਰ.ਟੀ.ਏ. ਨਮਨ ਮਾਰਕੰਨ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਐਸ.ਡੀ.ਐਮ. ਨਾਭਾ ਤਰਸੇਮ ਚੰਦ, ਏ.ਸੀ.ਐਫ.ਏ. ਰਾਕੇਸ਼ ਕੁਮਾਰ ਤੇ ਡੀ.ਡੀ.ਐਫ. ਅੰਬਰ ਬੰਦੋਪਾਧਿਆ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

You May Also Like

More From Author

+ There are no comments

Add yours