ਅੰਮ੍ਰਿਤਸਰ: ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਕਰਵਾਈਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਨੇ ਲਗਾਤਾਰ ਦੂਜੀ ਵਾਰ ਪੂਰੇ ਰਾਜ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ।ਮੁੱਖ ਚੋਣ ਦਫ਼ਤਰ, ਪੰਜਾਬ ਵਲੋਂ ਅੱਜ ਜਾਰੀ ਕੀਤੀ ਗਈ ਸੂਚੀ ਵਿੱਚ ਜ਼ਿਲ੍ਹਾ ਲੁਧਿਆਣਾ ਨੇ ਦੂਸਰਾ ਅਤੇ ਪਟਿਆਲਾ ਨੇ ਤੀਸਰਾ ਸਥਾਨ ਹਾਸਿਲ ਕੀਤਾ।ਇਸ ਸੂਚੀ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਤੇ ਕਰਵਾਈ ਗਈ ਅਤੇ ਜ਼ਿਲ੍ਹਾ ਮਲੇਰਕੋਟਲਾ ਵਲੋਂ ਈਦ ਮੌਕੇ ਕਰਵਾਈ ਗਈ ਨਿਵੇਕਲੀ ਗਤੀਵਿਧੀ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ ਗਿਆ ਹੈ।
ਇਸ ਕਾਮਯਾਬੀ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਕਿਹਾ ਕਿ ਉਹਨਾਂ ਨੂੰ ਅੱਜ ਹੀ ਇਹ ਸੂਚੀ ਮੁੱਖ ਚੋਣ ਦਫ਼ਤਰ ਤੋਂ ਪ੍ਰਾਪਤ ਹੋਈ ਹੈ ਅਤੇ ਜ਼ਿਲ੍ਹਾ ਅੰਮ੍ਰਿਤਸਰ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅਸੀਂ ਲਗਾਤਰ ਦੂਜੀ ਵਾਰ ਪਹਿਲੇ ਨੰਬਰ ਤੇ ਰਹੇ ਹਾਂ।ਉਹਨਾਂ ਦੱਸਿਆ ਕਿ ਮੁੱਖ ਚੋਣ ਦਫ਼ਤਰ ਵਲੋਂ ਹਰ 15 ਦਿਨਾਂ ਬਾਅਦ ਹਰ ਜ਼ਿਲ੍ਹੇ ਵਿੱਚ ਹੋਣ ਵਾਲੀਆਂ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਗਤੀਵਿਧੀਆਂ ਦੀ ਰਿਪੋਰਟ ਮੰਗਵਾਈ ਜਾ ਰਹੀ ਹੈ।ਸਾਰਿਆਂ ਜ਼ਿਲੇਆਂ ਦੀਆਂ ਪ੍ਰਾਪਤ ਰਿਪੋਰਟਾਂ ਅਤੇ ਸੋਸ਼ਲ ਮੀਡੀਆ ਇੰਡੈਕਸ ਦਾ ਮੁਲਾਂਕਣ ਕਰਨ ਤੋਂ ਬਾਅਦ ਇਹਨਾਂ ਜ਼ਿਲੇਆਂ ਦੀ ਦਰਜ਼ਾਬੰਦੀ ਕੀਤੀ ਜਾ ਰਹੀ ਹੈ।
+ There are no comments
Add yours