ਰਾਜਸਥਾਨ ਦੇ ਸਿੱਖਿਆ ਮੰਤਰੀ ਮਦਨ ਦਿਲਾਵਰ ਨੇ ਹੁਣ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਨਵਾਂ ਆਦੇਸ਼ ਜਾਰੀ ਕਰ ਦਿੱਤਾ ਹੈ। ਮੰਤਰੀ ਦਿਲਾਵਰ ਨੇ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਵਿੱਚ ਮੋਬਾਈਲ ਫ਼ੋਨ ‘ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ।
ਇਸ ਪਿੱਛੇ ਉਨ੍ਹਾਂ ਦਾ ਤਰਕ ਹੈ ਕਿ ਸਕੂਲਾਂ ਵਿੱਚ ਅਧਿਆਪਕ ਸਾਰਾ ਦਿਨ ਮੋਬਾਈਲ ’ਤੇ ਸ਼ੇਅਰ ਬਾਜ਼ਾਰ ਅਤੇ ਹੋਰ ਤਸਵੀਰਾਂ ਦੇਖਦੇ ਰਹਿੰਦੇ ਹਨ, ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੁੰਦੀ ਹੈ। ਅਧਿਆਪਕ ਕਲਾਸ ਵਿੱਚ ਆਪਣੇ ਮੋਬਾਈਲ ਫੋਨਾਂ ਵਿੱਚ ਮਗਨ ਰਹਿੰਦੇ ਹਨ।
ਇਸ ਨਾਲ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੁੰਦਾ ਹੈ। ਦਿਲਾਵਰ ਨੇ ਕਿਹਾ ਕਿ ਮੋਬਾਈਲ ਇੱਕ ਬਿਮਾਰੀ ਦੀ ਤਰ੍ਹਾਂ ਬਣ ਗਿਆ ਹੈ ਅਤੇ ਇਸ ਤੋਂ ਛੁਟਕਾਰਾ ਪਾਉਣਾ ਜ਼ਰੂਰੀ ਹੈ। ਨਵੇਂ ਹੁਕਮਾਂ ਤਹਿਤ ਸਿਰਫ਼ ਪ੍ਰਿੰਸੀਪਲ ਕੋਲ ਮੋਬਾਈਲ ਫ਼ੋਨ ਰੱਖਣ ਦੀ ਇਜਾਜ਼ਤ ਹੋਵੇਗੀ, ਦੂਜੇ ਸਰਕਾਰੀ ਅਧਿਆਪਕਾਂ ਨੂੰ ਸਕੂਲ ਵਿੱਚ ਮੋਬਾਈਲ ਫ਼ੋਨ ਲਿਆਉਣ ਦੀ ਇਜਾਜ਼ਤ ਨਹੀਂ ਹੋਵੇਗੀ।
ਦਿਲਾਵਰ ਨੇ ਕਿਹਾ ਕਿ ਜੇਕਰ ਕੋਈ ਅਧਿਆਪਕ ਗਲਤੀ ਨਾਲ ਮੋਬਾਈਲ ਫ਼ੋਨ ਲੈ ਕੇ ਆਉਂਦਾ ਹੈ ਤਾਂ ਉਸ ਨੂੰ ਆਪਣਾ ਮੋਬਾਈਲ ਫ਼ੋਨ ਪ੍ਰਿੰਸੀਪਲ ਕੋਲ ਜਮ੍ਹਾਂ ਕਰਵਾਉਣਾ ਪਵੇਗਾ। ਜੇਕਰ ਕੋਈ ਐਮਰਜੈਂਸੀ ਹੋਵੇ ਤਾਂ ਅਧਿਆਪਕਾਂ ਨੂੰ ਪ੍ਰਿੰਸੀਪਲ ਦਾ ਮੋਬਾਈਲ ਨੰਬਰ ਦੇਣਾ ਹੋਵੇਗਾ ਅਤੇ ਉਸ ਨੰਬਰ ‘ਤੇ ਕਾਲ ਆਵੇਗੀ। ਜੇਕਰ ਕੋਈ ਅਧਿਆਪਕ ਜਮਾਤ ਵਿੱਚ ਮੋਬਾਈਲ ਫ਼ੋਨ ਦੇ ਨਾਲ ਪਾਇਆ ਗਿਆ ਜਾਂ ਇਸ ਦੀ ਵਰਤੋਂ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
+ There are no comments
Add yours