ਪਟਿਆਲਾ, 29 ਮਈ (ਆਪਣਾ ਪੰਜਾਬ ਡੈਸਕ): ਲੋਕ ਸਭਾ ਚੋਣਾਂ ਦੀਆਂ 1 ਜੂਨ 2024 ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਇੱਕ ਹੁਕਮ ਜਾਰੀ ਕਰਕੇ ਪਟਿਆਲਾ ਜ਼ਿਲ੍ਹੇ ਅੰਦਰ 1 ਜੂਨ ਨੂੰ ਵੋਟਾਂ ਵਾਲੇ ਦਿਨ ਜ਼ਿਲ੍ਹੇ ਦੇ ਸਮੂਹ ਸਰਕਾਰੀ, ਗ਼ੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ ਪੇਡ ਛੁੱਟੀ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135 ਬੀ ਵਿੱਚ ਕੀਤੀ ਗਈ ਕਾਨੂੰਨੀ ਵਿਵਸਥਾ ਤਹਿਤ ਇਹ ਛੁੱਟੀ ਕੀਤੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ/ ਵਿੱਦਿਅਕ ਅਦਾਰਿਆਂ ਲਈ ਲਈ ਮਿਤੀ 01.06.2024 (ਸ਼ਨੀਵਾਰ) ਨੂੰ ਗਜ਼ਟਿਡ ਛੁੱਟੀ ਰਹੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਦੁਕਾਨਾਂ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 01-06-2024 ਨੂੰ ਅਦਾਇਗੀਯੋਗ ਛੁੱਟੀ ਐਲਾਨੀ ਗਈ ਹੈ। ਇਸ ਸਬੰਧੀ ਨੋਟੀਫਿਕੇਸ਼ਨ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।ਉਨ੍ਹਾਂ ਵੋਟਰਾਂ ਨੂੰ ਵੱਧ ਚੜ੍ਹ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਲੋਕਤੰਤਰ ਦੇ ਇਸ ਸੱਭ ਤੋਂ ਵੱਡੇ ਤਿਉਹਾਰ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਤਾਂ ਜੋ ਚੋਣ ਕਮਿਸ਼ਨ ਦੇ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕੇ।
+ There are no comments
Add yours