ਪਟਿਆਲਾ, 24 ਜੂਨ:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਉਪ ਮੁੱਖ ਕਾਰਜਕਾਰੀ ਅਫ਼ਸਰ ਪਟਿਆਲਾ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਪਟਿਆਲਾ, ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਅਤੇ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ਼ ਹਾਜ਼ਰ ਸਨ।
ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਕਾਸ ਕਾਰਜ ਦੇ ਕੰਮਾਂ ਨੂੰ ਸਮਾਂਬੱਧ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਤਰੁੱਟੀ ਲਈ ਸਬੰਧਤ ਅਧਿਕਾਰੀ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਹਰੇਕ ਹਫ਼ਤੇ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਹਫ਼ਤੇ ਦੌਰਾਨ ਹੋਏ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਮੇਤ ਹੋਰ ਫੀਡਬੈਕ ਵੀ ਲਈ ਜਾਵੇਗੀ।
ਇਸ ਮੌਕੇ ਡਾ. ਬਲਬੀਰ ਸਿੰਘ ਨੇ ਵੱਖ ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਤੇ ਵਿਕਾਸ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਗ੍ਰਾਮ ਪੰਚਾਇਤ ਬਾਰਨ ਦੇ ਟੋਭੇ ਦੀ ਕੰਧ ਬਣਾਉਣ ਸਬੰਧੀ ਅਤੇ ਵੱਖ ਵੱਖ ਪਿੰਡਾਂ ਦੇ ਛੱਪੜ ਦੀ ਡੀ-ਵਾਟਰਿੰਗ ਕਰਵਾਉਣ ਸਬੰਧੀ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ। ਗ੍ਰਾਮ ਪੰਚਾਇਤ ਨੰਦਪੁਰ ਵਿੱਚ ਟਰੀਟਮੈਂਟ ਪਲਾਂਟ ਬਣਾਉਣ ਸਬੰਧੀ ਵੀ ਹਦਾਇਤ ਕੀਤੀ।
ਉਨ੍ਹਾਂ ਗ੍ਰਾਮ ਪੰਚਾਇਤ ਇਛੇਵਾਲ ’ਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਇਸ ਨੂੰ ਪਿੰਡ ਲਲੌਡਾ ਨਾਲ ਜੋੜਨ ਲਈ ਕਿਹਾ। ਉਨ੍ਹਾਂ ਗ੍ਰਾਮ ਪੰਚਾਇਤ ਨੰਦਪੁਰ ਕੇਸੋਂ ਅਤੇ ਗ੍ਰਾਮ ਪੰਚਾਇਤ ਬਾਰਨ ਅਧੀਨ ਚੱਲ ਰਹੇ ਕੰਮ ਨੂੰ 15 ਦਿਨਾਂ ਵਿੱਚ ਮੁਕੰਮਲ ਕਰਨ ਸਬੰਧੀ ਬੀ.ਡੀ.ਪੀ.ਓ ਪਟਿਆਲਾ ਰੂਰਲ ਨੂੰ ਨਿਰਦੇਸ਼ ਵੀ ਦਿੱਤੇ।
+ There are no comments
Add yours