ਪਟਿਆਲਾ, 15 ਅਗਸਤ:
ਪੰਜਾਬ ਦੇ ਵਿੱਤ, ਯੋਜਨਾ, ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਉਪਰਾਲਿਆਂ ਸਦਕਾ ਪੰਜਾਬ ਦੀ ਵਿੱਤੀ ਸਥਿਤੀ ਮਜ਼ਬੂਤ ਹੋਈ ਹੈ ਜਿਸ ਕਰਕੇ ਰਾਜ ਦੇ ਖ਼ਜ਼ਾਨੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕੀਤੀ ਜਾ ਰਹੀ ਹੈ।
ਵਿੱਤ ਮੰਤਰੀ ਐਡਵੋਕੇਟ ਚੀਮਾ ਦੇਸ਼ ਦੀ ਆਜ਼ਾਦੀ ਦੀ 78ਵੀਂ ਵਰ੍ਹੇਗੰਢ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਤਿਰੰਗਾ ਲਹਿਰਾਉਣ ਮਗਰੋਂ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਆਜ਼ਾਦੀ ਘੁਲਾਟੀਏ ਮੋਹਕਮ ਸਿੰਘ ਚੌਹਾਨ ਤੇ ਸੁਤੰਤਰਤਾ ਸੰਗਰਾਮੀ ਦੇ ਉਤਰਾਧਿਕਾਰੀਆਂ ਨੂੰ ਮਿਲਕੇ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਤੇ ਸਨਮਾਨ ਕੀਤਾ।
ਸਮਾਰੋਹ ‘ਚ ਉਨ੍ਹਾਂ ਦੇ ਨਾਲ ਲੋਕ ਸਭਾ ਮੈਂਬਰ ਡਾ. ਧਰਮਵੀਰਾ ਗਾਂਧੀ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਅਜੀਤਪਾਲ ਸਿੰਘ ਕੋਹਲੀ ਤੇ ਗੁਰਲਾਲ ਘਨੌਰ, ਮੰਡੀ ਬੋਰਡ ਚੇਅਰਮੈਨ ਹਰਚੰਦ ਸਿੰਘ ਬਰਸਟ, ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਬਲਤੇਜ ਪੰਨੂ, ਏ.ਡੀ.ਜੀ.ਪੀ. ਸ਼ਿਵੇ ਕੁਮਾਰ ਵਰਮਾ, ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਵੀ ਮੌਜੂਦ ਸਨ।
ਇਸ ਤੋਂ ਪਹਿਲਾਂ ਆਪਣੇ ਸੰਦੇਸ਼ ‘ਚ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੇਸ਼ ਦੀ ਆਜ਼ਾਦੀ ਲਈ ਲੜਾਈ ਲੜਨ ਵਾਲੇ ਯੋਧਿਆਂ, ਵੱਖ-ਵੱਖ ਲਹਿਰਾਂ ਦੇ ਮਹਾਨ ਸ਼ਹੀਦਾਂ ਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ‘ਤੇ ਆਰੰਭੇ ਸੰਘਰਸ਼ਾਂ ‘ਚ ਪਾਏ ਯੋਗਦਾਨ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਸਮੂਹ ਪੰਜਾਬ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਹਾਰਦਿਕ ਵਧਾਈ ਦਿੱਤੀ।
ਵਿੱਤ ਮੰਤਰੀ ਨੇ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਦੇਸ਼ ਦੀ ਆਜ਼ਾਦੀ ਦੀ ਲੜਾਈ ‘ਚ ਪੰਜਾਬੀਆਂ ਨੇ ਸਭ ਤੋਂ ਵੱਧ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਇਸੇ ਲਈ ਪੰਜਾਬ ਦੀ ਧਰਤੀ ਉਤੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਯਤਨਸ਼ੀਲ ਹੈ ਅਤੇ ਸੂਬੇ ਨੂੰ ਮੁੜ ‘ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ’ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਪੰਜਾਬ ਨੂੰ 16ਵੇਂ ਵਿੱਤ ਕਮਿਸ਼ਨ ਤੋਂ ਬਹੁਤ ਉਮੀਦਾਂ ਹਨ, ਇਸੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੇ ਆਪਣਾ ਮਜ਼ਬੂਤ ਕੇਸ ਰੱਖਿਆ ਹੈ।
ਵਿੱਤ ਮੰਤਰੀ ਨੇ ਦੱਸਿਆ ਕਿ ਸੂਬੇ ਦੇ ਕਰ ਵਿਭਾਗ ਨੇ ਵਿੱਤੀ ਸਾਲ 2023-24 ਦੌਰਾਨ ਪਿਛਲੇ ਵਰ੍ਹੇ ਦੇ ਮੁਕਾਬਲੇ ਮਾਰਚ 2024 ਤੱਕ ਕੁੱਲ ਜੀ.ਐਸ.ਟੀ. ਮਾਲੀਏ ਵਿੱਚ 14.13 ਫ਼ੀਸਦੀ ਵਾਧਾ ਦਰਜ ਕੀਤਾ ਹੈ। ਇਸੇ ਤਰ੍ਹਾਂ ਆਬਕਾਰੀ ਵਿਭਾਗ ਨੇ ਵਿੱਤੀ ਸਾਲ 2022-23 ਦੇ ਮਾਲੀਏ ਦੇ ਮੁਕਾਬਲੇ ਸਾਲ 2023-24 ਦੌਰਾਨ 9.54 ਫੀਸਦੀ ਦੀ ਵਾਧਾ ਦਰ ਹਾਸਿਲ ਕੀਤੀ। ਆਬਕਾਰੀ ਨੀਤੀ 2024-2025 ਅਧੀਨ ਪਹਿਲੀ ਵਾਰ ਆਬਕਾਰੀ ਮਾਲੀਏ ਦਾ ਟੀਚਾ ਪੰਜ ਅੰਕੜਿਆ ਵਿੱਚ ਅਰਥਾਤ 10146 ਕਰੋੜ ਰੁਪਏ ਮਿੱਥਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਲਿਆਂਦੀ ਪੰਜਾਬ ਯਕਮੁਸ਼ਤ ਨਿਪਟਾਰਾ (ਸੋਧ) ਯੋਜਨਾ (ਓ.ਟੀ.ਐਸ.-3) ਪਿਛਲੀਆਂ ਸਕੀਮਾਂ ਨੂੰ ਪਛਾੜਦਿਆਂ ਦੇਸ਼ ਦੇ ਸਭ ਤੋਂ ਸਫਲ ਵਿੱਤੀ ਪ੍ਰਬੰਧਨ ਵਿੱਚੋਂ ਇੱਕ ਸਾਬਿਤ ਹੋਈ ਹੈ। ਓ.ਟੀ.ਐਸ.-3 ਦੌਰਾਨ ਕਰ ਮਾਲੀਏ ‘ਚ 147 ਕਰੋੜ ਰੁਪਏ ਇਕੱਤਰ ਹੋਏ, ਬਿੱਲ ਲਿਆਓ, ਇਨਾਮ ਪਾਓ ਯੋਜਨਾ ਤਹਿਤ ਮੇਰਾ ਬਿੱਲ ਮੋਬਾਈਲ ਐਪ ਰਾਹੀਂ ਆਪਣੇ ਖਰੀਦ ਬਿੱਲ ਅਪਲੋਡ ਕਰਨ ਵਾਲੇ 2601 ਜੇਤੂਆਂ ਨੇ ਲਗਭਗ 1 ਕਰੋੜ 52 ਲੱਖ ਰੁਪਏ ਦੇ ਇਨਾਮ ਜਿੱਤੇ ਹਨ। ਉਥੇ ਹੀ ਗ਼ਲਤ ਬਿੱਲ ਜਾਰੀ ਕਰਨ ਵਾਲਿਆਂ ਨੂੰ ਲਗਭਗ 8 ਕਰੋੜ ਰੁਪਏ ਦੇ ਜੁਰਮਾਨੇ ਕੀਤੇ ਗਏ।
ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਦੇ ਦ੍ਰਿੜ੍ਹ÷ ਸੰਕਲਪ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਤੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰ ਵੀ ਸ਼ਾਮਲ ਕੀਤੇ ਗਏ ਹਨ।ਇਸੇ ਤਰ੍ਹਾਂ ਉਨ੍ਹਾਂ ਨੇ ਪੁਲਿਸ, ਸਾਬਕਾ ਫੌਜੀਆਂ, ਧਰਮੀ ਫੌਜੀਆਂ ਅਤੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਦੀ ਭਲਾਈ ਲਈ ਵੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਆਪਣਾ ਕੀਤਾ ਹਰੇਕ ਵਾਅਦਾ ਪੂਰਾ ਕਰ ਰਹੀ ਹੈ, ਇਸ ਤਹਿਤ ਹੀ ਨੌਜਵਾਨਾਂ ਨੂੰ ਪਿਛਲੇ ਕਰੀਬ 28 ਮਹੀਨਿਆਂ ਦੌਰਾਨ 44 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਪੁਲਿਸ ਵਿੱਚ ਹੀ ਹਰ ਸਾਲ 1800 ਸਿਪਾਹੀ ਅਤੇ 300 ਸਬ-ਇੰਸਪੈਕਟਰ ਭਰਤੀ ਕਰਨ ਦਾ ਫ਼ੈਸਲਾ ਲਿਆ ਹੈ।ਇਸੇ ਤਰ੍ਹਾਂ ਹੀ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਅਤੇ ਇਨਾਮਾਂ ਨਾਲ ਨਿਵਾਜਿਆ ਜਾ ਰਿਹਾ ਹੈ।
ਵਿੱਤ ਮੰਤਰੀ ਨੇ ਸਿਹਤ, ਸਿੱਖਿਆ ਤੇ ਬਿਜਲੀ ਦੇ ਖੇਤਰ ‘ਚ ਕੀਤੇ ਉਪਰਾਲਿਆਂ ਤੇ ਖਾਸ ਕਰਕੇ 842 ਆਮ ਆਦਮੀ ਕਲੀਨਿਕਾਂ, ਸੀ.ਐਮ. ਦੀ ਯੋਗਸ਼ਾਲਾ, ਸਕੂਲ ਆਫ ਹੈਪੀਨੈਸ ਅਤੇ ਸਕੂਲ ਆਫ਼ ਐਮੀਨੈਂਸ ਸਕੀਮ ਅਤੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦਣ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਸਿਹਤ, ਸਿੱਖਿਆ ਤੇ ਬਿਜਲੀ ਦੇ ਖੇਤਰ ਵਿੱਚ ਕਰਾਂਤੀ ਲਿਆਂਦੀ ਗਈ ਹੈ।
ਵਿੱਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਆਪਣੇ ਮਕਸਦ ਵਿੱਚ ਕਾਮਯਾਬ ਹੋ ਰਹੀ ਹੈ। ਉਨ੍ਹਾਂ ਨੇ ਸੂਬੇ ਦੀ ਖੇਤੀਬਾੜੀ ਨੂੰ ਪੰਜਾਬ ਦੀ ਆਰਥਿਕਤਾ ਦਾ ਧੁਰਾ ਦੱਸਦਿਆ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਕਰੀਬ 28 ਮਹੀਨਿਆਂ ਦੌਰਾਨ ਖੇਤੀਬਾੜੀ ਤੇ ਬਾਗਬਾਨੀ ਸੁਧਾਰ ਅਤੇ ਕਿਸਾਨਾਂ ਦੀ ਭਲਾਈ ਲਈ ਅਤੇ ਫ਼ਸਲੀ ਵਿਭਿੰਨਤਾ ਪਹਿਲਕਦਮੀਆਂ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ।ਨਤੀਜੇ ਵਜੋਂ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਸਾਲ 2022 ਦੇ ਮੁਕਾਬਲੇ 2023 ਦੌਰਾਨ 26 ਫ਼ੀਸਦੀ ਕਮੀ ਦਰਜ ਕੀਤੀ ਗਈ।
ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੱਛੀ ਦੇ ਮੰਡੀਕਰਨ ਲਈ ਸਹੂਲਤਾਂ ਵਿਕਸਤ ਕਰਨ ਵਾਸਤੇ ਪਟਿਆਲਾ ਵਿੱਚ ਇੱਕ ਨਵੀਂ ਸਰਕਾਰੀ ਰਿਟੇਲ ਮੱਛੀ ਮੰਡੀ ਸਥਾਪਤ ਕੀਤੀ ਹੈ, ਜੋ ਜਲਦੀ ਕਾਰਜਸ਼ੀਲ ਹੋ ਜਾਵੇਗੀ। ਪੰਜਾਬ ਦੇ ਨਹਿਰੀ ਟੇਲਾਂ ਉਤੇ ਪੈਂਦੇ ਖੇਤਾਂ ਨੂੰ ਦਹਾਕਿਆਂ ਬਾਅਦ ਸਿੰਜਾਈ ਲਈ ਨਹਿਰੀ ਪਾਣੀ ਮਿਲਿਆ ਹੈ। ਸਰਕਾਰ ਨੇ 15914 ਖਾਲ਼ ਬਹਾਲ ਕਰਕੇ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਇਆ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਸਨਅਤ ਦੇ ਵਿਕਾਸ ਲਈ ਸਰਕਾਰ-ਸਨਅਤਕਾਰ ਮਿਲਣੀਆਂ ਰਾਹੀਂ ਪੰਜਾਬ ਸਰਕਾਰ ਵੱਲੋਂ ਸਨਅਤਕਾਰਾਂ ਦੀਆਂ ਮੁਸ਼ਕਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਨਵੇਂ ਉਦਯੋਗ ਸਥਾਪਤ ਕਰਨ ਲਈ ਪਹਿਲੀ ਵਾਰ ਜ਼ਮੀਨ ਦੀ ਰਜਿਸਟ੍ਰੇਸ਼ਨ ਲਈ ਹਰੇ ਰੰਗ ਦਾ ਸਟੈਂਪ ਪੇਪਰ ਜਾਰੀ ਕੀਤਾ। ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗਜਨਾਂ ਅਤੇ ਬੇਸਹਾਰਾ ਬੱਚਿਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ।
ਇਸੇ ਤਰ੍ਹਾਂ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਸਹੂਲਤ ਨੂੰ ਜਾਰੀ ਰੱਖਦਿਆਂ ਮਾਰਚ 2022 ਤੋਂ 15 ਜੁਲਾਈ, 2024 ਤੱਕ ਸੂਬੇ ਦੀਆਂ ਔਰਤਾਂ ਨੇ ਕੁੱਲ 32 ਕਰੋੜ 46 ਲੱਖ ਵਾਰ ਮੁਫ਼ਤ ਸਫ਼ਰ ਕੀਤਾ, ਜਿਸ ਉਤੇ ਸਰਕਾਰ ਨੇ 1548 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਲੋਕਾਂ ਨੂੰ ਸਮਰਪਿਤ ਕੀਤੀ ਹੈ।5 ਹਜਾਰ ਜਵਾਨਾਂ ਵਾਲੀ ਇਸ ਫੋਰਸ ਨੂੰ 144 ਅਤਿ-ਆਧੁਨਿਕ ਗੱਡੀਆਂ ਦਿੱਤੀਆਂ ਗਈਆਂ ਹਨ। ਇਸ ਸਦਕਾ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਸੜਕ ਹਾਦਸਿਆਂ ਵਿੱਚ ਮੌਤਾਂ ਦੀ ਦਰ ਵਿੱਚ 45 ਫ਼ੀਸਦੀ ਕਮੀ ਆਈ ਹੈ।ਇਸੇ ਤਰ੍ਹਾਂ ਮਾਨ ਸਰਕਾਰ ਨੇ ਫਰਿਸ਼ਤੇ ਸਕੀਮ ਸ਼ੁਰੂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ।
ਵਿੱਤ ਮੰਤਰੀ ਨੇ ਪਰੇਡ ਕਮਾਂਡਰ ਡੀ.ਐਸ.ਪੀ. ਹਰਮਨਪ੍ਰੀਤ ਸਿੰਘ ਚੀਮਾ ਦੀ ਅਗਵਾਈ ਹੇਠ ਆਈ.ਟੀ.ਬੀ.ਪੀ., ਜ਼ਿਲ੍ਹਾ ਪੁਲਿਸ ਤੇ ਮਹਿਲਾ ਵਿੰਗ, ਹੋਮ ਗਾਰਡਜ਼, ਐਨ.ਸੀ.ਸੀ ਗ਼ਰਲਜ਼, ਆਰਮੀ ਤੇ ਏਅਰ ਵਿੰਗ, ਰੈਡ ਕਰਾਸ ਸਮੇਤ ਪਹਿਲੀ ਆਈ.ਆਰ.ਬੀ. ਦੇ ਬੈਂਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ। ਵਿੱਤ ਮੰਤਰੀ ਨੇ 16 ਅਗਸਤ ਦਿਨ ਸ਼ੁੱਕਰਵਾਰ ਨੂੰ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਵਿੱਚ ਹਿੱਸਾ ਲੈਣ ਵਾਲੇ ਸਕੂਲਾਂ ਤੇ ਕਾਲਜਾਂ ਲਈ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਾਣੀ ਇੰਟੇਗ੍ਰੇਟਿਡ ਸਕੂਲ ਫ਼ਾਰ ਹੀਅਰਿੰਗ ਇੰਪੇਅਰਡ ਲਈ 10 ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਵੀ ਐਲਾਨ ਕੀਤਾ।
ਇਸ ਸਮਾਰੋਹ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ, ਸਕੂਲਾਂ ਤੇ ਕਾਲਜਾਂ ਦੀਆਂ ਵਿਦਿਆਰਥਣਾਂ ਨੇ ਗਿੱਧੇ ਤੇ ਵਿਦਿਆਰਥੀਆਂ ਨੇ ਭੰਗੜੇ ਦੀ ਪੇਸ਼ਕਾਰੀ ਕੀਤੀ। ਸਰਕਾਰੀ ਕਾਲਜ ਲੜਕੀਆਂ ਦੀਆਂ ਵਿਦਿਆਰਥਣਾਂ ਨੇ ਰਾਸ਼ਟਰੀ ਗਾਨ ਗਾਇਆ। ਇਸ ਤੋਂ ਪਹਿਲਾਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੰਘਰਸ਼ੀ ਯੋਧਿਆਂ ਤੇ ਸ਼ਹੀਦ ਪਰਿਵਾਰਾਂ ਨੂੰ ਮਿਲਕੇ ਉਨ੍ਹਾਂ ਦਾ ਸਨਮਾਨ ਕੀਤਾ। ਉਨ੍ਹਾਂ ਨੇ ਰੈਡ ਕਰਾਸ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਦੀ ਵੰਡ ਕਰਨ ਦੇ ਨਾਲ-ਨਾਲ ਪਰੇਡ ਕਮਾਂਡਰ, ਪਲਟੂਨ ਕਮਾਂਡਰਾਂ, ਸੱਭਿਆਚਾਰਕ ਵੰਨਗੀਆਂ ਪੇਸ਼ ਕਰਨ ਵਾਲੇ ਵਿਦਿਆਰਥੀਆਂ, ਰਾਸ਼ਟਰੀ ਗਾਣ ਨੂੰ ਸੰਕੇਤਕ ਭਾਸ਼ਾ ਵਿੱਚ ਪੇਸ਼ ਕਰਨ ਵਾਲੇ ਸਪੈਸ਼ਲ ਬੱਚਿਆਂ ਸਮੇਤ ਵੱਖ-ਵੱਖ ਖੇਤਰਾਂ ‘ਚ ਸ਼ਲਾਘਾਯੋਗ ਕਾਰਜ ਕਰਨ ਵਾਲੀਆਂ ਸ਼ਖ਼ਸੀਅਤਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਵੀ ਸਨਮਾਨ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ, ਏ.ਡੀ.ਜੀ.ਪੀ. ਸ਼ਿਵੇ ਕੁਮਾਰ ਵਰਮਾ ਨੇ ਵਿੱਤ ਮੰਤਰੀ ਨੂੰ ਸਨਮਾਨਤ ਕੀਤਾ ਗਿਆ।
ਸਮਾਗਮ ‘ਚ ਜ਼ਿਲ੍ਹਾ ਅਤੇ ਸ਼ੈਸ਼ਨਜ ਜੱਜ ਰੁਪਿੰਦਰਜੀਤ ਚਾਹਲ ਦੀ ਅਗਵਾਈ ‘ਚ ਜੁਡੀਸ਼ੀਅਲ ਅਧਿਕਾਰੀ, ਚੇਅਰਮੈਨ ਇੰਪਰੂਵਮੈਂਟ ਟਰਸਟ ਤੇ ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਤੇ ਡਾਇਰੈਕਟਰ ਤੇਜਿੰਦਰ ਮਹਿਤਾ, ਕਨਵੇਅਰ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ, ਆਪ ਇਸਤਰੀ ਵਿੰਗ ਦੇ ਸੂਬਾ ਪ੍ਰਧਾਨ ਪ੍ਰੀਤੀ ਮਲਹੋਤਰਾ, ਪੀ.ਆਰ.ਟੀ.ਸੀ. ਚੇਅਰਮੈਨ ਰਣਜੋਧ ਸਿੰਘ ਹਡਾਣਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ, ਐਸ.ਸੀ. ਸੈਲ. ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ, ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰਿੰਸੀਪਲ ਜੇ.ਪੀ. ਸਿੰਘ, ਮੈਂਬਰ ਸਿੱਖਿਆ ਬੋਰਡ ਸੁਖਦੇਵ ਸਿੰਘ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਇੰਪਰੂਵਮੈਂਟ ਟਰਸਟ ਨਾਭਾ ਦੇ ਚੇਅਰਮੈਨ ਸੁਰਿੰਦਰਪਾਲ ਸ਼ਰਮਾ, ਸੂਬਾ ਆਗੂ ਜਰਨੈਲ ਸਿੰਘ ਮੰਨੂ, ਸੂਬਾ ਬੁਲਾਰਾ ਆਪ ਬਲਜਿੰਦਰ ਸਿੰਘ ਢਿੱਲੋਂ, ਵਾਈਸ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ, ਅੰਗਰੇਜ ਸਿੰਘ ਰਾਮਗੜ੍ਹ, ਮੇਜਰ ਆਰ.ਪੀ.ਐਸ. ਮਲਹੋਤਰਾ, ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਮੈਂਬਰ ਘੱਟ ਗਿਣਤੀ ਕਮਿਸ਼ਨ ਇਸਲਾਮ ਅਲੀ, ਐਡਵੋਕੇਟ ਅਰਵਿੰਦਰ ਸਿੰਘ, ਗੁਲਜ਼ਾਰ ਪਟਿਆਲਵੀ, ਮੁਖਤਿਆਰ ਸਿੰਘ ਗਿੱਲ, ਪਦਮਸ੍ਰੀ ਜਗਜੀਤ ਸਿੰਘ ਦਰਦੀ, ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਦੇ ਵੀ.ਸੀ. ਪ੍ਰੋ. ਕਰਮਜੀਤ ਸਿੰਘ, ਏ.ਡੀ.ਸੀ (ਜ) ਕੰਚਨ, ਏ.ਡੀ.ਸੀ. ਦਿਹਾਤੀ ਵਿਕਾਸ ਡਾ. ਹਰਜਿੰਦਰ ਸਿੰਘ ਬੇਦੀ, ਏ.ਡੀ.ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ, ਐਸ.ਪੀ. ਸਿਟੀ ਸਰਫ਼ਰਾਜ ਆਲਮ, ਐਸ.ਪੀ. ਹਰਬੰਤ ਕੌਰ, ਜਸਵੀਰ ਸਿੰਘ ਤੇ ਹੋਰ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਵਿਦਿਆਰਥੀ, ਅਧਿਆਪਕ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।
+ There are no comments
Add yours