ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ

1 min read

* ਗੁਰਮੀਤ ਸਿੰਘ ਖੁੱਡੀਆਂ ਨੇ 38 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ; ਇਨ੍ਹਾਂ ਵਿੱਚੋਂ 8 ਨੂੰ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵਿੱਚ ਮਿਲੀ ਨੌਕਰੀ

ਚੰਡੀਗੜ੍ਹ, 20 ਸਤੰਬਰ (ਆਪਣਾ ਪੰਜਾਬ ਡੈਸਕ)

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਸ਼ਹਾਦਤ ਪਾਉਣ ਵਾਲੇ ਕਿਸਾਨਾਂ ਦੀ ਬਾਂਹ ਫੜ੍ਹਦਿਆਂ ਅੱਜ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦ ਕਿਸਾਨਾਂ ਦੇ 30 ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਨ੍ਹਾਂ ਵਿੱਚੋਂ 25 ਜਣਿਆਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਕਲਰਕ ਅਤੇ ਪੰਜ ਨੂੰ ਸੇਵਾਦਾਰ ਵਜੋਂ ਨਿਯੁਕਤੀ ਪੱਤਰ ਮਿਲੇ ਹਨ।

ਇਨ੍ਹਾਂ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਵਿੱਚ ਦੋ ਵੈਟਰਨਰੀ ਇੰਸਪੈਕਟਰਾਂ ਅਤੇ ਚਾਰ ਕਲਰਕਾਂ, ਜਿਨ੍ਹਾਂ ਵਿੱਚੋਂ ਤਿੰਨ ਕਲਰਕਾਂ ਨੂੰ ਤਰਸ ਦੇ ਆਧਾਰ ਉਤੇ ਨੌਕਰੀ ਮਿਲੀ ਹੈ, ਤੋਂ ਇਲਾਵਾ ਡੇਅਰੀ ਵਿਕਾਸ ਵਿਭਾਗ ਵਿੱਚ ਦੋ ਸਟੈਨੋਗ੍ਰਾਫਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਵਿਕਾਸ ਅਤੇ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ 44,974 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਭਰਤੀ ਨਿਰੋਲ ਮੈਰਿਟ ਦੇ ਆਧਾਰ ਉਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ।

ਇਸ ਮੌਕੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ, ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ, ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਕੁਲਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

You May Also Like

More From Author

+ There are no comments

Add yours