ਪਟਿਆਲਾ, 22 ਨਵੰਬਰ:
ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਹੈ ਕਿ ਸਮੂਹ ਸਕੂਲਾਂ ਦੇ ਮੁਖੀ ਸੇਫ਼ ਸਕੂਲ ਵਾਹਨ ਨੀਤੀ ਨੂੰ ਹਰ ਹਾਲ ‘ਚ ਲਾਗੂ ਕਰਨ ਅਤੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਤੌਰ ‘ਤੇ ਟਰਾਂਸਪੋਰਟ ਦੀ ਸੁਵਿਧਾ ਪ੍ਰਦਾਨ ਕਰਨ ਵਾਲੇ ਟਰਾਂਸਪੋਟਰਾਂ ਸਮੇਤ ਸਕੂਲ ਆਪਣੇ ਵਾਹਨਾਂ ‘ਚ ਰਹਿੰਦੀਆਂ ਕਮੀਆਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਪੂਰਾ ਕਰਨਾ ਯਕੀਨੀ ਬਣਾਉਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਇਸ ਨੀਤੀ ਨੂੰ ਲਾਗੂ ਕਰਨ ‘ਚ ਕੋਈ ਸਕੂਲ ਅਣਗਹਿਲੀ ਵਰਤਦਾ ਹੈ ਤਾਂ ਪ੍ਰਿੰਸੀਪਲ ਵਿਰੁੱਧ ਨਿਯਮਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਜ਼ਿਲ੍ਹਾ ਸੇਫ਼ ਸਕੂਲ ਵਾਹਨ ਕਮੇਟੀ ਜਿਸ ਵਿੱਚ ਟਰਾਂਸਪੋਰਟ ਵਿਭਾਗ ਸਮੇਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਜ਼ਿਲ੍ਹਾ ਸਿੱਖਿਆ ਵਿਭਾਗ ਤੇ ਟ੍ਰੈਫਿਕ ਪੁਲਿਸ ਦਾ ਅਮਲਾ ਸ਼ਾਮਲ ਹੈ, ਵੱਲੋਂ ਨਿਜੀ ਸਕੂਲਾਂ ਦੇ ਵਾਹਨਾਂ ਦਾ ਅਚਨਚੇਤ ਨਿਰੀਖਣ ਕਰਕੇ ਉਲੰਘਣਾ ਕਰਨ ਵਾਲੇ 3 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ ਹਨ।
ਇਸੇ ਦੌਰਾਨ ਪਟਿਆਲਾ ਦੇ ਖੇਤਰੀ ਟਰਾਂਸਪੋਰਟ ਅਫ਼ਸਰ ਨਮਨ ਮਾਰਕੰਨ ਨੇ ਦੱਸਿਆ ਹੈ ਕਿ ਜ਼ਿਲ੍ਹੇ ਅੰਦਰ ਨਿਜੀ ਸਕੂਲਾਂ ‘ਚ ਸੇਫ਼ ਸਕੂਲ ਵਾਹਨ ਨੀਤੀ ਅਮਲੀ ਰੂਪ ‘ਚ ਲਾਗੂ ਕਰਨ ਲਈ ਸਕੂਲ ਵਾਹਨਾਂ ਦੀ ਅਚਨਚੇਤ ਚੈਕਿੰਗ ਲਗਾਤਾਰ ਜਾਰੀ ਰਹੇਗੀ।
ਆਰ.ਟੀ.ਏ. ਨੇ ਦੱਸਿਆ ਕਿ ਜੇਕਰ ਕਿਸੇ ਵੀ ਸਕੂਲ ਵਾਹਨ ਵਿੱਚ ਕੋਈ ਤਰੁੱਟੀ ਤੇ ਕਮੀ ਪਾਈ ਗਈ, ਜਿਸ ਨਾਲ ਬੱਚਿਆਂ ਦੀ ਸੁਰੱਖਿਆ ਦਾਅ ‘ਤੇ ਲੱਗਦੀ ਹੋਵੇ, ਉਨ੍ਹਾਂ ਵਾਹਨਾਂ ਦੇ ਚਲਾਨ ਕੱਟੇ ਜਾਣਗੇ। ਉਨ੍ਹਾਂ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਮੁਤਾਬਕ ਡਰਾਇਵਰ ਦੀ ਨੇਮ ਪਲੇਟ ਤੇ ਵਰਦੀ, ਮਹਿਲਾ ਅਟੈਂਡੈਂਟ, ਮੁਢਲੀ ਸਹਾਇਤਾ ਬਕਸੇ, ਅੱਗ ਬੁਝਾਊ ਯੰਤਰ, ਸੀ.ਸੀ.ਟੀ.ਵੀ ਕੈਮਰੇ, ਓਵਰ-ਲੋਡਿੰਗ ਨਾ ਹੋਣਾ ਸਮੇਤ ਹੋਰ ਬੇਨਿਯਮੀਆਂ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਂਦੇ ਹਨ।
+ There are no comments
Add yours