ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਕੇਂਦਰੀ ਜੇਲ੍ਹ ਦਾ ਦੌਰਾ

1 min read

ਪਟਿਆਲਾ, 18 ਫਰਵਰੀ:
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਅਤੇ ਐਡੀਸਨਲ ਮੈਂਬਰ ਸਕੱਤਰ ਕੇਵਲ ਕ੍ਰਿਸ਼ਨ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਮੈਡਮ ਦੀਪਤੀ ਗੋਇਲ ਦੇ ਨਾਲ ਕੇਂਦਰੀ ਜੇਲ੍ਹ, ਪਟਿਆਲਾ ਦਾ ਨਿਰੀਖਣ ਕੀਤਾ।
ਇਸ ਨਿਰੀਖਣ ਦੌਰਾਨ ਮੈਂਬਰ ਸਕੱਤਰ ਮਨਜਿੰਦਰ ਸਿੰਘ ਨੇ ਨਿੱਜੀ ਤੌਰ ‘ਤੇ ਹਰ ਬੈਰਕ ਦਾ ਦੌਰਾ ਕੀਤਾ। ਇਸ ਮੌਕੇ ਜੱਜ ਸਾਹਿਬਾਨ ਨੇ ਜੇਲ ‘ਚ ਬੰਦ ਕੈਦੀਆਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਬਾਰੇ ਗੱਲਬਾਤ ਕੀਤੀ। ਜੇਲ੍ਹ ਸੁਪਰਡੈਂਟ, ਜੇਲ੍ਹਾਂ ਦੇ ਹੋਰ ਅਧਿਕਾਰੀਆਂ ਅਤੇ ਸਟਾਫ਼ ਨੂੰ ਹਦਾਇਤ ਕੀਤੀ ਗਈ ਕਿ ਉਹ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ। ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਜੇਲ ‘ਚ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਦੌਰੇ ਦੌਰਾਨ ਮਾਨਯੋਗ ਜੱਜਾਂ ਨੇ ਜੇਲ੍ਹ ਦੇ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਨੂੰ ਵੀ ਚੈੱਕ ਕੀਤਾ।
ਇਸ ਤੋਂ ਇਲਾਵਾ, ਮਾਣਯੋਗ ਜੱਜਾਂ ਵੱਲੋਂ ਜੇਲ੍ਹ ਅੰਦਰ ਸੁਰੱਖਿਆ ਉਪਾਵਾਂ ਦੀ ਵੀ ਧਿਆਨ ਨਾਲ ਸਮੀਖਿਆ ਕੀਤੀ ਗਈ।
ਇਸ ਮੌਕੇ ਮੈਡਮ ਦੀਪਤੀ ਗੋਇਲ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਲੋੜਵੰਦਾਂ ਲਈ ਮੁਫ਼ਤ ਕਾਨੂੰਨੀ ਸਹਾਇਤਾ ਦੀ ਉਪਲਬਧਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਸਹਾਇਤਾ ਦੀ ਮੰਗ ਕਰਨ ਵਾਲੇ ਵਿਅਕਤੀ ਪਟਿਆਲਾ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਨਾਲ ਵਿਅਕਤੀਗਤ ਤੌਰ ‘ਤੇ ਜਾਂ ਫ਼ੋਨ 0175-2306500 ਅਤੇ ਨਾਲਸਾ ਹੈਲਪਲਾਈਨ ਨੰਬਰ 15100 ‘ਤੇ ਸੰਪਰਕ ਕਰ ਸਕਦੇ ਹਨ।

You May Also Like

More From Author

+ There are no comments

Add yours