ਸਮਾਣਾ ਬਲਾਕ ਦੇ ਅੱਧਾ ਦਰਜਨ ਪਿੰਡਾਂ ਦੇ ਕਿਸਾਨਾਂ ਨੂੰ ਖੇਤੀਬਾੜੀ ਮਾਹਰਾਂ ਨੇ ਕੀਤਾ ਜਾਗਰੂਕ

1 min read

ਸਮਾਣਾ/ਪਟਿਆਲਾ, 2 ਜੂਨ:
ਪਟਿਆਲਾ ਜ਼ਿਲ੍ਹੇ ਦੇ ਸਮਾਣਾ ਬਲਾਕ ਦੇ ਪਿੰਡ ਅਸਰ ਪੁਰ, ਨੱਸੂ ਪੁਰ, ਦੁੱਲੜ, ਬਿਜਲਪੁਰ, ਸੈਦੀਪੁਰ, ਲਾਲੀਨਾ ਤੇ ਚੁਪਕੀ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਵੱਲੋਂ ਕਿਸਾਨਾਂ ਨਾਲ ਖੇਤੀਬਾੜੀ ਸਬੰਧੀ ਵਿਗਿਆਨਿਕ ਜਾਣਕਾਰੀ ਸਾਂਝੀ ਕੀਤੀ ਗਈ।
ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ. ਹਰਦੀਪ ਸਿੰਘ ਸਭਿਖੀ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੀ ਤਕਨੀਕੀ ਸਹਾਇਤਾ ਨਾਲ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦੇ ਤਹਿਤ ਜ਼ਿਲ੍ਹੇ ਭਰ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਜਾਗਰੂਕਤਾ ਕੈਂਪ ਦੌਰਾਨ ਕਿਸਾਨਾਂ ਨੂੰ ਝੋਨੇ ਦੀਆਂ ਵੱਖ-ਵੱਖ ਕਿਸਮਾਂ, ਇਨ੍ਹਾਂ ਦੀ ਲੁਆਈ ਦੇ ਢੁਕਵੇਂ ਸਮੇਂ, ਖਾਦ ਪ੍ਰਬੰਧਨ, ਬਾਗਬਾਨੀ ਅਤੇ ਭੋਜਨ ਪ੍ਰੋਸੈਸਿੰਗ ਬਾਰੇ ਜਾਣਕਾਰੀ ਦਿੱਤੀ ਗਈ ਹੈ। ਇਸ ਮੌਕੇ ਭੋਜਨ ਵਿਗਿਆਨ ਦੇ ਪ੍ਰੋਫੈਸਰ ਡਾ. ਰਜਨੀ ਗੋਇਲ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਆਯੋਜਿਤ ਕੀਤੇ ਜਾਂਦੇ ਕਿੱਤਾ ਮੁਖੀ ਸਿਖਲਾਈ ਕੋਰਸ ਅਤੇ ਭੋਜਨ ਪ੍ਰੋਸੈਸਿੰਗ ਦੇ ਵਿੱਚ ਲੋੜੀਂਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਹਾਜ਼ਰੀਨ ਨਾਲ ਸਾਂਝੀ ਕੀਤੀ। ਵਿਸ਼ਵ ਦੁੱਧ ਦਿਵਸ ਮੌਕੇ ਮਾਹਰਾਂ ਨੇ ਕਿਸਾਨਾਂ ਨੂੰ ਸਹਾਇਕ ਕਿੱਤੇ ਵਜੋਂ ਡੇਅਰੀ ਧੰਦੇ ਨੂੰ ਅਪਣਾਉਣ ਲਈ ਪ੍ਰੇਰਿਤ ਕਰਦਿਆਂ ਦੁੱਧ ਦੀ ਪ੍ਰੋਸੈਸਿੰਗ ਵਿੱਚ ਸੰਭਾਵਨਾਵਾਂ ਅਤੇ ਦੁੱਧ ਦੀ ਖੁਰਾਕੀ ਮਹੱਤਤਾ ਬਾਰੇ ਵੀ ਚਰਚਾ ਕੀਤੀ ਗਈ।
ਇਸ ਮੌਕੇ ਫ਼ਸਲ ਵਿਗਿਆਨ ਦੇ ਸਹਾਇਕ ਪ੍ਰੋਫੈਸਰ ਡਾ. ਗੁਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਪਰਖ ਦੇ ਮਹੱਤਵ ਬਾਰੇ ਦੱਸਿਆ। ਝੋਨੇ ਦੀ ਬਿਜਾਈ ਨੂੰ ਮੁੱਖ ਰੱਖਦਿਆਂ ਖਾਦਾਂ ਅਤੇ ਪਾਣੀ ਦੀ ਸੁਚੱਜੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਨ ਬਾਰੇ ਜਾਗਰੂਕ ਕਰਦਿਆਂ ਹਰੀਆਂ ਖਾਦਾਂ ਦੀ ਕਾਸ਼ਤ ਅਤੇ ਜੀਵਾਣੂ ਖਾਦਾਂ ਦੀ ਵਰਤੋਂ ਕਰਨ ਬਾਰੇ ਵਿਸਥਾਰ ਨਾਲ ਦੱਸਿਆ।

You May Also Like

More From Author

+ There are no comments

Add yours