ਪਟਿਆਲਾ, 6 ਸਤੰਬਰ
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡੇਂਗੂ ਸਮੇਤ ਮੱਛਰਾਂ ਦੇ ਕੱਟਣ ਤੇ ਗੰਦੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ, ਸੱਪ ਅਤੇ ਕੁੱਤੇ ਦੇ ਕੱਟਣ ਨੂੰ ਰੋਕਣ ਲਈ ਰਾਜ ਵਿਆਪੀ ਮੁਹਿੰਮ ਦੀ ਸ਼ੁਰੂਆਤ ਕੀਤੀ।ਇਸ ਮੌਕੇ ਉਨ੍ਹਾਂ ਨੇ ਪਟਿਆਲਾ ਸ਼ਹਿਰ ਅਤੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਇੱਕ ਵਿਸ਼ੇਸ਼ ਸਫਾਈ ਮੁਹਿੰਮ ਚਲਾਉਣ ਦੇ ਵੀ ਨਿਰਦੇਸ਼ ਦਿੱਤੇ।
ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਨਗਰ ਨਿਗਮ ਦਫ਼ਤਰ ਵਿਖੇ ਇੱਕ ਜ਼ਰੂਰੀ ਸਮੀਖਿਆ ਮੀਟਿੰਗ ਬੁਲਾਈ, ਜਿਸ ਵਿੱਚ ਮੇਅਰ ਕੁੰਦਨ ਗੋਗੀਆ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਜੱਗਾ, ਨਗਰ ਕਮਿਸ਼ਨਰ ਪਰਮਵੀਰ ਸਿੰਘ, ਏਡੀਸੀ ਸਿਮਰਪ੍ਰੀਤ ਕੌਰ ਅਤੇ ਨਵਰੀਤ ਕੌਰ ਸੇਖੋਂ, ਐਸਡੀਐਮਜ਼ ਇਸਮਤ ਵਿਜੇ ਸਿੰਘ ਤੇ ਰਿਚਾ ਗੋਇਲ, ਸਿਵਲ ਸਰਜਨ ਡਾ. ਜਗਪਾਲਿੰਦਰ ਸਿੰਘ, ਨਗਰ ਕੌਂਸਲਰ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ।
ਸਿਹਤ ਮੰਤਰੀ ਨੇ ਪੰਜਾਬ ਭਰ ਦੇ ਵਸਨੀਕਾਂ ਨੂੰ ਤੇਜ਼ ਬੁਖਾਰ, ਦਿਲ ਦਾ ਦੌਰਾ, ਤੇਜ਼ ਦਸਤ, ਜਾਂ ਸੱਪ ਅਤੇ ਕੁੱਤੇ ਦੇ ਕੱਟਣ ਵਰਗੀ ਕਿਸੇ ਵੀ ਸਿਹਤ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ 104 ਡਾਇਲ ਕਰਨ ਦੀ ਅਪੀਲ ਕੀਤੀ ਤਾਂ ਜੋ ਸਮੇਂ ਸਿਰ ਲਾਭ ਉਠਾਇਆ ਜਾ ਸਕੇ ਅਤੇ ਮਰੀਜ਼ਾਂ ਦੀ ਜਾਨ ਬਚਾਈ ਜਾ ਸਕੇ। ਹੜ੍ਹ ਤੋਂ ਬਾਅਦ ਦੇ ਉਪਾਵਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਕਿਹਾ, “ਸਾਡਾ ਮੁੱਖ ਧਿਆਨ ਹੁਣ ਬਚਾਅ, ਰਾਹਤ, ਮੈਡੀਕਲ ਸਹਾਇਤਾ, ਰਾਸ਼ਨ ਅਤੇ ਪ੍ਰਭਾਵਿਤ ਲੋਕਾਂ ਦੇ ਪੁਨਰਵਾਸ ‘ਤੇ ਹੈ।”
ਪਟਿਆਲਾ ਤੋਂ ਸਿਹਤ ਅੰਕੜਿਆਂ ਦੀ ਸਮੀਖਿਆ ਕਰਦੇ ਹੋਏ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਸਾਲ ਹੁਣ ਤੱਕ 88 ਡੇਂਗੂ-ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ ਸਿਰਫ 9 ਮਾਮਲੇ ਸਾਹਮਣੇ ਆਏ ਸਨ। ਡੇਂਗੂ ਦੇ ਵੱਧਦੇ ਮਾਮਲਿਆਂ ‘ਤੇ ਚਿੰਤਾ ਪ੍ਰਗਟ ਕਰਦੇ ਹੋਏ, ਉਨ੍ਹਾਂ ਨੇ ਸਾਰੇ ਸਬੰਧਤ ਵਿਭਾਗਾਂ, ਸਥਾਨਕ ਸਰਕਾਰਾਂ, ਪੇਂਡੂ ਵਿਕਾਸ, ਸਿੱਖਿਆ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਆਦਿ ਨੂੰ ਡੇਂਗੂ, ਮਲੇਰੀਆ, ਚਿਕਨਗੁਨੀਆ, ਦਸਤ, ਹੈਜ਼ਾ, ਹੈਪੇਟਾਈਟਸ ਅਤੇ ਹੋਰ ਸੰਚਾਰੀ ਬਿਮਾਰੀਆਂ ਨੂੰ ਕੰਟਰੋਲ ਕਰਨ ਲਈ ਸਿਹਤ ਵਿਭਾਗ ਨਾਲ ਨੇੜਿਓਂ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ।
ਸਿਹਤ ਮੰਤਰੀ ਨੇ ਅਧਿਕਾਰੀਆਂ ਨੂੰ ਘਰ-ਘਰ ਜਾ ਕੇ ਦੌਰੇ ਕਰਨ ਤੇ ਮੱਛਰਾਂ ਦੇ ਪ੍ਰਜਨਨ ਸਥਾਨਾਂ ਦੀ ਸਖ਼ਤ ਨਿਗਰਾਨੀ ਸਮੇਤ ਮੱਛਰਾਂ ਦਾ ਲਾਰਵਾ ਨਸ਼ਟ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਖਾਸ ਤੌਰ ‘ਤੇ ਲਾਹੌਰੀ ਗੇਟ, ਬਾਜਵਾ ਕਲੋਨੀ, ਗੋਬਿੰਦ ਬਾਗ, ਸਫਾਬਾਦੀ ਗੇਟ, ਹਰਪਾਲਪੁਰ (ਰਾਜਪੁਰਾ), ਅਤੇ ਕਰਤਾਰਪੁਰ (ਪਾਤੜਾਂ) ਵਰਗੇ ਡੇਂਗੂ ਹੌਟਸਪੌਟ ਖੇਤਰਾਂ ਵਿੱਚ ਜਾਂਚ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ, ਅਤੇ ਡੇਂਗੂ ਵਿਰੋਧੀ ਮੁਹਿੰਮ ਵਿੱਚ ਨਰਸਿੰਗ ਵਿਦਿਆਰਥੀਆਂ ਅਤੇ ਮੈਡੀਕਲ ਇੰਟਰਨਾਂ ਨੂੰ ਸ਼ਾਮਲ ਕਰਨ ਦੇ ਵੀ ਨਿਰਦੇਸ਼ ਦਿੱਤੇ।
ਪਟਿਆਲਾ ਵਿੱਚ ਹਾਲ ਹੀ ਵਿੱਚ ਦਸਤ ਦੇ ਪ੍ਰਕੋਪ ਦਾ ਹਵਾਲਾ ਦਿੰਦੇ ਹੋਏ, ਡਾ. ਬਲਬੀਰ ਸਿੰਘ ਨੇ ਤੁਰੰਤ ਪਾਣੀ ਦੀ ਜਾਂਚ ਅਤੇ ਸੁਰੱਖਿਅਤ ਸਪਲਾਈ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਜਿਲ੍ਹੇ ਵਿੱਚ ਸੱਪ ਦੇ ਕੱਟਣ ਨਾਲ ਹੋਈਆਂ ਤਿੰਨ ਹਾਲੀਆ ਮੌਤਾਂ ‘ਤੇ ਵੀ ਚਿੰਤਾ ਪ੍ਰਗਟ ਕੀਤੀ, ਭਾਵੇਂ ਕਿ ਸੱਪ-ਵਿਰੋਧੀ ਜ਼ਹਿਰ ਸੀਰਮ ਸਰਕਾਰੀ ਹਸਪਤਾਲਾਂ ਵਿੱਚ ਉਪਲਬਧ ਹੈ। ਉਨ੍ਹਾਂ ਸਮੂਹ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੱਪ ਜਾਂ ਕੁੱਤੇ ਦੇ ਕੱਟਣ ਦੇ ਮਾਮਲਿਆਂ ਵਿੱਚ ਬਿਨਾਂ ਦੇਰੀ ਕੀਤੇ ਹਸਪਤਾਲਾਂ ਵਿੱਚ ਪਹੁੰਚ ਕੀਤੀ ਜਾਵੇ।
ਪੰਜਾਬ ਵਿੱਚ ਹੜ੍ਹਾਂ ਦੌਰਾਨ ਪੰਜਾਬੀਆਂ ਦੇ ਸੇਵਾ ਦੇ ਜਜਬੇ ਨੂੰ ਉਜਾਗਰ ਕਰਦੇ ਹੋਏ, ਡਾ. ਬਲਬੀਰ ਸਿੰਘ ਨੇ ਕਿਹਾ, “ਸਾਡੇ ਗੁਰੂਆਂ ਨੇ ਸਾਨੂੰ ਚੜ੍ਹਦੀਕਲਾ ਦੀ ਭਾਵਨਾ ਦਿੱਤੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ, ਆਪਣੇ ਲੋਕਾਂ ਦੇ ਸਹਿਯੋਗ ਨਾਲ, ਇਸ ਮੁਸ਼ਕਲ ਸਮੇਂ ਨੂੰ ਪਾਰ ਕਰੇਗੀ ਅਤੇ ਸਰਕਾਰ ਦੀ ਤੁਰੰਤ ਤਰਜੀਹ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣਾ ਹੈ ਜਦੋਂ ਕਿ ਬਚਾਅ ਅਤੇ ਰਾਹਤ ਕਾਰਜ ਵੀ ਜੰਗੀ ਪੱਧਰ ‘ਤੇ ਜਾਰੀ ਰੱਖਣੇ ਹਨ।”
ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਹ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦਾ ਨਿੱਜੀ ਤੌਰ ‘ਤੇ ਦੌਰਾ ਕਰਨਗੇ, ਅਤੇ ਇਹ ਮੁਹਿੰਮ ਅੱਜ ਪਟਿਆਲਾ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੰਚਾਰੀ ਬਿਮਾਰੀਆਂ ਵਿਰੁੱਧ ਸੂਬੇ ਦੀ ਲੜਾਈ ਨੂੰ ਮਜ਼ਬੂਤ ਕਰਨ ਲਈ ਵਾਰਡ ਅਤੇ ਪਿੰਡ ਸਿਹਤ ਕਮੇਟੀਆਂ ਨੂੰ ਮੁੜ ਸਰਗਰਮ ਕੀਤਾ ਜਾਵੇਗਾ।



+ There are no comments
Add yours